- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਠਾ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੱਡਾ ਸਵਾਲ: ਡਾ. ਸੁਭਾਸ਼ ਸ਼ਰਮਾ

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਭਾਜਪਾ ਪੰਜਾਬ ਸੂਬਾਈ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮਾਨਸਾ ’ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਡਾ. ਸ਼ਰਮਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦੇ ਆ ਰਹੇ ਸਨ। ਮੀਡੀਆ ਰਿਪੋਰਟਾਂ ਅਨੁਸਾਰ, ਉਨ੍ਹਾਂ ਨੂੰ ਇੱਕ ਮੈਡੀਕਲ ਸਟੋਰ ਮਾਲਕ ਨਾਲ ਨਸ਼ਿਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। ਇਹ ਘਟਨਾ ਬਹੁਤ ਚਿੰਤਾਜਨਕ ਹੈ ਅਤੇ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਜ਼ਮੀਨੀ ਪੱਧਰ ’ਤੇ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਆਪਣੀ ਜਾਨ ਗੁਆ ਬੈਠਦੇ ਹਨ, ਤਾਂ ਸਰਕਾਰ ਦੇ ਦਾਅਵਿਆਂ ਦੀ ਸੱਚਾਈ ’ਤੇ ਸਵਾਲ ਉਠਾਉਣਾ ਸੁਭਾਵਿਕ ਹੈ। ਡਾ. ਸ਼ਰਮਾ ਨੇ ਕਤਲ ਦੀ ਨਿਰਪੱਖ ਅਤੇ ਸਮੇਂ ਸਿਰ ਜਾਂਚ, ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਨਸ਼ੇ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਚਲਾ ਰਹੇ ਸ਼ਿਕਾਇਤਕਰਤਾਵਾਂ ਅਤੇ ਸਮਾਜਿਕ ਕਾਰਕੁਨਾਂ ਦੀ ਸੁਰੱਖਿਆ ਲਈ ਠੋਸ ਉਪਾਅ ਕੀਤੇ ਜਾਣ।