‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਜਾਗਰੂਕਤਾ ਤੇ ਸਿਹਤ ਜਾਂਚ ਕੈਂਪ ਲਗਾਇਆ ਪੰਜਾਬ ਸਰਕਾਰ ਦੇ ਵਿਸ਼ੇਸ਼ ਪ੍ਰੋਗਰਾਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਪਿੰਡ ਦੜੋਲੀ ਲੋਅਰ ਵਿਖੇ ਜਾਗਰੂਕਤਾ ਅਤੇ ਸਿਹਤ ਜਾਂਚ ਕੈਂਪ ਲਗਾਇਆ
Publish Date: Wed, 14 Oct 2026 05:51 PM (IST)
Updated Date: Wed, 14 Oct 2026 05:54 PM (IST)
ਡਾ. ਸੰਜੀਵ ਗੌਤਮ ਨੇ ਲੋਕ ਭਲਾਈ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ, ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਪਿੰਡ ਦੜੋਲੀ ਲੋਅਰ ਵਿਖੇ ਜਾਗਰੂਕਤਾ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਸੰਜੀਵ ਗੌਤਮ, ਜ਼ਿਲ੍ਹਾ ਪ੍ਰਧਾਨ, ਆਮ ਆਦਮੀ ਪਾਰਟੀ ਅਤੇ ਚੇਅਰਮੈਨ, ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਹਾਜ਼ਰ ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ. ਸੰਜੀਵ ਗੌਤਮ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ। ਉਨ੍ਹਾਂ ਦੇ ਤਜਰਬੇ, ਸੂਝ-ਬੂਝ ਅਤੇ ਜੀਵਨ ਤੋਂ ਮਿਲਣ ਵਾਲੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਹਨ। ਬਜ਼ੁਰਗਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸੁਰੱਖਿਅਤ ਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ‘ਸਾਡੇ ਬਜ਼ੁਰਗ, ਸਾਡਾ ਮਾਣ’ ਪ੍ਰੋਗਰਾਮ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀਆਂ ਲੋੜਾਂ ਨੂੰ ਸਮਝਣਾ, ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਨੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਅਤੇ ਕਿਸੇ ਵੀ ਯੋਜਨਾ ਸਬੰਧੀ ਜਾਣਕਾਰੀ ਲਈ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਨ। ਇਸ ਮੌਕੇ ਮੈਡੀਕਲ ਟੀਮ ਦੇ ਡਾਕਟਰਾਂ ਵੱਲੋਂ ਕੈਂਪ ’ਚ ਪਹੁੰਚੇ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਡਾਕਟਰਾਂ ਨੇ ਬਜ਼ੁਰਗਾਂ ਦੀ ਸਿਹਤ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਆਪਣੀ ਸਿਹਤ ਦਾ ਨਿਯਮਿਤ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਵਧਦੀ ਉਮਰ ਦੇ ਨਾਲ ਸਿਹਤ ਦੀ ਦੇਖਭਾਲ, ਸੰਤੁਲਿਤ ਖੁਰਾਕ, ਰੋਜ਼ਾਨਾ ਦੀ ਜੀਵਨਸ਼ੈਲੀ ਅਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡਾ. ਸੰਜੀਵ ਗੌਤਮ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਅਸਲ ਮਕਸਦ ਹਰ ਲੋੜਵੰਦ ਵਿਅਕਤੀ ਤੱਕ ਸਹੂਲਤਾਂ ਪਹੁੰਚਾਉਣਾ ਹੈ। ਇਸ ਲਈ ਲੋਕਾਂ ਨੂੰ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਬਜ਼ੁਰਗਾਂ ਦੀ ਸਿਹਤ, ਸੁਰੱਖਿਆ ਅਤੇ ਸਮਾਜਿਕ ਸਨਮਾਨ ਨੂੰ ਯਕੀਨੀ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਪਿੰਡ ਪੱਧਰ ’ਤੇ ਅਜਿਹੇ ਪ੍ਰੋਗਰਾਮਾਂ ਰਾਹੀਂ ਬਜ਼ੁਰਗਾਂ ਨੂੰ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਮਿਲਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦਾ ਮੌਕਾ ਵੀ ਮਿਲਦਾ ਹੈ। ਇਸ ਮੌਕੇ ਬਜ਼ੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਬਜ਼ੁਰਗਾਂ ਦੀ ਭਲਾਈ ਲਈ ਜਾਗਰੂਕਤਾ ਅਤੇ ਸਿਹਤ ਸੇਵਾਵਾਂ ਦੀ ਮਹੱਤਤਾ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ। ਇਸ ਮੌਕੇ ਸੋਹਣ ਸਿੰਘ ਜੀ ਬੈਂਸ , ਡਾ: ਚੰਦਨ ਸ਼ਰਮਾ ਏ.ਐਮ.ਓ, ਇੰ: ਆਯੂਸ਼ਮਾਨ ਅਰੋਗਿਆ ਕੇਂਦਰ ਬੂੰਗਾ ਸਾਹਿਬ (ਰੂਪਨਗਰ),ਡਾ: ਰਿਤੂ ਰਾਣੀ ਏ.ਐਮ.ਓ, ਇੰ: ਜੀ.ਏ.ਡੀ.ਕਲਵਾਂ (ਰੂਪਨਗਰ),ਉਕਾਂਰੇਸ਼ਵਰ ਉਪਵੈਦ, ਜੀ.ਏ.ਡੀ. ਭਲਾਣ (ਰੂਪਨਗਰ), ਸੰਗਤ ਕੌਰ ਉਪਵੈਦ, ਆਯੂਸ਼ਮਾਨ ਅਰੋਗਿਆ ਕੇਂਦਰ ਮਟੌਰ (ਰੂਪਨਗਰ), ਸਾਕਸ਼ੀ ਵਰਮਾ, ਯੋਗਾ ਇੰਸਟਰਕਟਰ, ਆਯੂਸ਼ਮਾਨ ਅਰੋਗਿਆ ਕੇਂਦਰ ਭੰਗਲ (ਰੂਪਨਗਰ) ,ਭਾਗ ਸਿੰਘ ਸਰਪੰਚ ਦੜੋਲੀ ਲੋਅਰ ਲੋਵਰ , ਅਨਿਲ ਫੌਜੀ, ਰਾਜ ਕੁਮਾਰ ਪੰਚ , ਕਾਕਾ ਰਾਮ ਪੰਚ , ਕੁਲਵਿੰਦਰ ਕੌਰ ਪੰਚ , ਅਨੀਤਾ ਦੇਵੀ ਪੰਚ , ਸੁਰਿੰਦਰ ਪੰਚ , ਬਹਾਦਰ ਲਾਲ ਹਾਜ਼ਰ ਸਨ।