ਖੇਡਾਂ ਦੀ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ’ਚ ਅਹਿਮ ਭੂਮਿਕਾ : ਅਸ਼ਵਨੀ ਸ਼ਰਮਾ ਮੋਠਾਪੁਰ ਵਿਖੇ ਫੁਟਬਾਲ ਟੂਰਨਾਮੈਂਟ ’ਚ ਜ਼ਿਲ੍ਹਾਂ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ ਸ਼ਿਰਕਤ
Publish Date: Thu, 15 Oct 2026 04:07 PM (IST)
Updated Date: Thu, 15 Oct 2026 04:09 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਖੇਡ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਫੁਟਬਾਲ ਕਲੱਬ ਪਿੰਡ ਮੋਠਾਪੁਰ ਵੱਲੋਂ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ’ਚ ਕੁੱਲ 16 ਟੀਮਾਂ ਨੇ ਭਾਗ ਲਿਆ ਅਤੇ ਵੱਖ-ਵੱਖ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਦਿਲਕਸ਼ ਖੇਡ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਨੰਗਲ ਅਤੇ ਬਹਾਦਰਗੜ੍ਹ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਜ਼ਿਲ੍ਹਾਂ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੁਕਾਬਲੇ ’ਚ ਬਹਾਦਰਗੜ੍ਹ ਦੀ ਟੀਮ ਜੇਤੂ ਰਹੀ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਨੌਜਵਾਨਾਂ ’ਚ ਅਨੁਸ਼ਾਸਨ, ਮਿਹਨਤ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਹੁੰਦੀ ਹੈ, ਉੱਥੇ ਹੀ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ ਅਤੇ ਪਿੰਡ ਪੱਧਰ ’ਤੇ ਅਜਿਹੇ ਟੂਰਨਾਮੈਂਟ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ’ਚ ਹਿੱਸਾ ਲੈਣ ਅਤੇ ਆਪਣੇ ਪਿੰਡ ’ਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਕਲੱਬ ਪ੍ਰਬੰਧਕਾਂ ਨੂੰ ਨਗਦ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਇਸ ਮੌਕੇ ਪਿੰਡ ਦੇ ਸਰਪੰਚ ਰਣਜੀਤ ਸਿੰਘ ਨੇ ਕਿਹਾ ਕਿ ਪਿੰਡ ’ਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਕਲੱਬ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਅਤੇ ਪਿੰਡਾਂ ਵਿਚਕਾਰ ਆਪਸੀ ਭਾਈਚਾਰਾ ਵੀ ਮਜ਼ਬੂਤ ਕਰਦੇ ਹਨ। ਇਸ ਉਪਰੰਤ ਸਰਪੰਚ ਰਣਜੀਤ ਸਿੰਘ ਅਤੇ ਕਲੱਬ ਪ੍ਰਬੰਧਕਾਂ ਵੱਲੋਂ ਅਸ਼ਵਨੀ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਹਿੰਦਰ ਲਾਲ, ਭਜਨ ਸਿੰਘ, ਚੰਨਣ ਸਿੰਘ, ਜਸਵੀਰ ਸਿੰਘ, ਗੌਰਵ ਕਾਲੜਾ, ਸੂਰਜ ਧੀਮਾਨ ਅਤੇ ਵਿਕਰਮ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।