ਗਰ੍ਹਾਂ ਮੋੜਾ ਨੇੜੇ ਸਥਾਪਿਤ ਹੋਵੇਗੀ ਚੈੱਕ ਪੋਸਟ ਗਰ੍ਹਾਂ ਮੋੜਾ ਨੇੜੇ ਸਥਾਪਿਤ ਹੋਵੇਗੀ ਚੈੱਕ ਪੋਸਟ
Publish Date: Sat, 17 Oct 2026 05:23 PM (IST)
Updated Date: Sat, 17 Oct 2026 05:24 PM (IST)
ਗੈਰ ਕਾਨੂੰਨੀ ਮਾਈਨਿੰਗ ਦੇ ਹੌਟਸਪੋਟ ’ਤੇ ਅਧਿਕਾਰੀ ਰੱਖਣ ਵਿਸ਼ੇਸ਼ ਨਜ਼ਰ : ਡੀਸੀ ਰਾਹੁਲ ਕੁਮਾਰ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਸਰਹੱਦੀ ਇਲਾਕੇ ’ਚ ਮਾਈਨਿੰਗ ਗਤੀਵਿਧੀਆਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਰਾਹੁਲ ਕੁਮਾਰ ਦੀ ਅਗਵਾਈ ਹੇਠ ਮੀਟਿੰਗ ਕਰਵਾਈ ਗਈ। ਮੀਟਿੰਗ ’ਚ ਪੁਲਿਸ ਵਿਭਾਗ, ਮਾਈਨਿੰਗ ਵਿਭਾਗ, ਉਦਯੋਗ ਵਿਭਾਗ, ਲੋਕ ਨਿਰਮਾਣ ਵਿਭਾਗ, ਜਲ ਸ਼ਕਤੀ ਵਿਭਾਗ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ। ਇਸ ਤੋਂ ਇਲਾਵਾ ਸਾਰੇ ਉਪਮੰਡਲ ਅਧਿਕਾਰੀ ਆਨਲਾਈਨ ਅਤੇ ਆਫਲਾਈਨ ਮਾਧਿਅਮ ਰਾਹੀਂ ਮੀਟਿੰਗ ’ਚ ਸ਼ਾਮਲ ਹੋਏ। ਮੀਟਿੰਗ ’ਚ ਪੁਲਿਸ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਸਾਲ ਹੁਣ ਤੱਕ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ’ਚ ਲਗਭਗ 160 ਤੋਂ ਵੱਧ ਚਲਾਨ ਕੀਤੇ ਜਾ ਚੁੱਕੇ ਹਨ, ਜਦਕਿ ਮਾਈਨਿੰਗ ਵਿਭਾਗ ਵੱਲੋਂ 139 ਤੋਂ ਵੱਧ ਚਲਾਨ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਆਪਣੇ-ਆਪਣੇ ਪੱਧਰ ’ਤੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ’ਚ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ’ਤੇ ਰੋਕ ਲਗਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਗੈਰ-ਕਾਨੂੰਨੀ ਮਾਈਨਿੰਗ ਦੀਆਂ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਲਈ ਵੱਖ-ਵੱਖ ਵਿਭਾਗਾਂ ਦੀ ਸੰਯੁਕਤ ਕਮੇਟੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਇਹ ਕਮੇਟੀ ਨਿਯਮਿਤ ਤੌਰ ’ਤੇ ਅਚਾਨਕ ਨਿਰੀਖਣ ਕਰੇਗੀ, ਤਾਂ ਜੋ ਗੈਰ-ਕਾਨੂੰਨੀ ਮਾਈਨਿੰਗ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਅਜਿਹੇ ਮਾਮਲਿਆਂ ’ਚ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਸਕੇ। ਮੀਟਿੰਗ ’ਚ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹੇ ’ਚ ਮਾਈਨਿੰਗ ਲਈ 16 ਵੈਧ ਲੀਜ਼ਾਂ ਆਵੰਟਿਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਗੈਰ-ਕਾਨੂੰਨੀ ਮਾਈਨਿੰਗ ’ਚ ਸ਼ਾਮਲ ਵਾਹਨਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ’ਚ ਵਿਸ਼ੇਸ਼ ਸਤਰਕਤਾ ਵਰਤਣ ਅਤੇ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਗਰਾ ਮੋੜਾ ਦੇ ਨੇੜੇ ਚੈਕ ਪੋਸਟ ਸਥਾਪਿਤ ਕੀਤੀ ਜਾਵੇਗੀ, ਜਿੱਥੇ ਪੰਜਾਬ ਵੱਲੋਂ ਆਉਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਓ.) ਅਤੇ ਪੁਲਿਸ ਵਿਭਾਗ ਨੂੰ ਓਵਰਲੋਡਿੰਗ ਕਰਨ ਵਾਲੇ ਵਾਹਨਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾ ਕੇ ਨਿਯਮਾਂ ਅਨੁਸਾਰ ਚਲਾਨ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਸੜਕ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ‘ਤੇ ਰੋਕ ਲਾਈ ਜਾ ਸਕੇ। ਉਨ੍ਹਾਂ ਅਲੀ ਖੱਡ, ਸੀਰ ਖੱਡ ਸਮੇਤ ਜਿਲੇ ਦੇ ਸਾਰੇ ਗੈਰ ਕਾਨੂੰਨੀ ਹੋਟ ਸਪੋਟ ਖੇਤਰਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ’ਚ ਨਿਯਮਿਤ ਨਿਗਰਾਨੀ ਰੱਖੀ ਜਾਵੇ ਅਤੇ ਗੈਰ ਕਾਨੂੰਨੀ ਖਾਨਾ ਗਤੀਵਿਧੀਆਂ ਪਾਏ ਜਾਣ ’ਤੇ ਤੁਰੰਤ ਕਾਰਵਾਈ ਅਮਲ ’ਚ ਲਿਆਂਦੀ ਜਾਵੇ।