ਡਾ. ਸੁਭਾਸ਼ ਸ਼ਰਮਾ ਨੇ ਨਵੀਂ ਰਿਹਾਇਸ਼ ’ਤੇ ਲਹਿਰਾਇਆ ਭਾਜਪਾ ਦਾ ਝੰਡਾ ਪਿੰਡ ਮਾਂਗੇਵਾਲ ਵਿਖੇ ਡਾ. ਸੁਭਾਸ਼ ਸ਼ਰਮਾ ਨੇ ਨਵੀਂ ਰਿਹਾਇਸ਼ ’ਤੇ ਲਹਿਰਾਇਆ ਭਾਜਪਾ ਦਾ ਝੰਡਾ
Publish Date: Sun, 18 Oct 2026 04:24 PM (IST)
Updated Date: Sun, 18 Oct 2026 04:24 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡ ਮਾਂਗੇਵਾਲ ਵਿਖੇ ਆਪਣੀ ਨਵੀਂ ਬਣੀ ਰਿਹਾਇਸ਼ ’ਤੇ ਭਾਜਪਾ ਦਾ ਝੰਡਾ ਲਹਿਰਾਇਆ। ਇਸ ਮੌਕੇ ਸੀਨੀਅਰ ਆਗੂ ਜਤਿੰਦਰ ਸਿੰਘ ਅਠਵਾਲ, ਪਿੰਡ ਦੇ ਪਤਵੰਤੇ ਸੱਜਣਾਂ, ਪਾਰਟੀ ਅਹੁਦੇਦਾਰਾਂ, ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਮਾਂਗੇਵਾਲ ਇੱਕ ਇਤਿਹਾਸਕ ਪਿੰਡ ਹੈ ਅਤੇ ਇੱਥੇ ਆਪਣੀ ਰਿਹਾਇਸ਼ ਬਣਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਆਪਣੀ ਨਵੀਂ ਰਿਹਾਇਸ਼ ’ਤੇ ਪਾਰਟੀ ਦਾ ਝੰਡਾ ਲਹਿਰਾ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਹਰ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨ ਵਾਸਤੇ ਵਚਨਬੱਧ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ’ਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਲੋਕਾਂ ਨਾਲ ਸੰਪਰਕ ਬਣਾਈ ਰੱਖਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਵਿਕਾਸ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ। ਡਾ. ਸ਼ਰਮਾ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹਨ। ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਭਾਜਪਾ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੇ ਯਤਨ ਜਾਰੀ ਰੱਖੇਗੀ। ਅੰਤ ’ਚ ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।