ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਮਾਣਕੂਮਾਜਰਾ ਵਿਖੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੋਕਤ ਨਾਲ ਸੰਪੰਨ
Publish Date: Sun, 18 Oct 2026 05:43 PM (IST)
Updated Date: Sun, 18 Oct 2026 05:45 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਸ਼ਹੀਦ-ਏ-ਆਜ਼ਮ ਭਗਤ ਸਿੰਘ ਸਪੋਰਟਸ ਕਲੱਬ ਮਾਣਕੂਮਾਜਰਾ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਅੰਤਿਮ ਦਿਨ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ। ਇਸ ਟੂਰਨਾਮੈਂਟ ’ਚ 40 ਤੋਂ ਵੱਧ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦੇ ਅੰਤਿਮ ਦਿਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਕਲੱਬ ਦੇ ਮੈਂਬਰਾਂ ਅਤੇ ਪੰਚਾਇਤ ਮੈਂਬਰਾਂ ਵੱਲੋਂ ਵਿਧਾਇਕ ਦਿਨੇਸ਼ ਚੱਢਾ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜੁੜ ਕੇ ਨੌਜਵਾਨ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿੰਦੇ ਹਨ, ਸਗੋਂ ਉਨ੍ਹਾਂ ’ਚ ਅਨੁਸ਼ਾਸਨ, ਮਿਹਨਤ, ਆਪਸੀ ਸਾਂਝ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ, ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਅਜਿਹੇ ਖੇਡ ਮੁਕਾਬਲੇ ਕਰਵਾਉਣ ਨਾਲ ਪੇਂਡੂ ਖੇਤਰਾਂ ਦੀ ਖੇਡ ਪ੍ਰਤਿਭਾ ਨੂੰ ਅੱਗੇ ਆਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਿੰਡ ਤੇ ਸੂਬੇ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਪੋਰਟਸ ਕਲੱਬ ਮਾਣਕੂਮਾਜਰਾ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਮਾਜਿਕ ਸੰਸਥਾਵਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ।ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਵਿਚਕਾਰ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ ਅਤੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਮੂਹ ਖੇਡ ਪ੍ਰੇਮੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮਾਜ ਸੇਵੀ ਦੀਪਕ ਪੁਰੀ, ਪ੍ਰਧਾਨ ਮਨੀਸ਼ ਰਾਣਾ, ਸਰਪੰਚ ਮਹਿੰਦਰ ਸਿੰਘ ਰਾਣਾ, ਬਾਬਾ ਦਿਲਬਾਗ ਸਿੰਘ, ਤਿਲਕ ਰਾਜ ਪੰਮਾ, ਮਾਸਟਰ ਵਸ਼ਿੰਗਟਨ ਸਿੰਘ, ਬਲਵੀਰ ਟੇਢੇਵਾਲ ਅਤੇ ਕਲੱਬ ਦੇ ਹੋਰ ਮੈਂਬਰ ਤੇ ਪਤਵੰਤੇ ਸੱਜਣ ਹਾਜ਼ਰ ਸਨ।