ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਭਲਕੇ : ਮਾਤਾ ਗੁਰਚਰਨ ਕੌਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 21 ਅਕਤੂਬਰ ਤੋਂ ਹੋਣਗੀਆਂ ਸ਼ੁਰੂ : ਮਾਤਾ ਗੁਰਚਰਨ ਕੌਰ
Publish Date: Mon, 19 Oct 2026 04:14 PM (IST)
Updated Date: Mon, 19 Oct 2026 04:15 PM (IST)
ਸੰਗਤਾਂ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਭਾਤ ਫੇਰੀਆਂ 21 ਅਕਤੂਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜੋ ਕਿ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਤੱਕ ਲਗਾਤਾਰ ਜਾਰੀ ਰਹਿਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ ਰੋਜ਼ਾਨਾ ਸਵੇਰੇ ਤੜਕਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਆਰੰਭ ਹੋਣਗੀਆਂ। ਇਸ ਦੌਰਾਨ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰੂ ਜਸ ਗਾਇਨ ਕਰਦਿਆਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ’ਚ ਸੰਗਤਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾਵੇਗੀ। ਮਾਤਾ ਗੁਰਚਰਨ ਕੌਰ ਨੇ ਕਿਹਾ ਕਿ ਪ੍ਰਭਾਤ ਫੇਰੀਆਂ ਦਾ ਮੁੱਖ ਉਦੇਸ਼ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ, ਨਾਮ ਸਿਮਰਨ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪਿਆਰ, ਭਾਈਚਾਰੇ, ਬਰਾਬਰਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ, ਜਿਸ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਦੱਸਿਆ ਕਿ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਮੌਕੇ ਪ੍ਰਭਾਤ ਫੇਰੀਆਂ ਦੀ ਸੰਪੂਰਨਤਾ ਹੋਵੇਗੀ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਪ੍ਰਭਾਤ ਫੇਰੀਆਂ ’ਚ ਵੱਧ-ਚੜ੍ਹ ਕੇ ਹਾਜ਼ਰੀ ਭਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਬੀਬੀ ਤਜਿੰਦਰ ਕੌਰ, ਸੁਰਿੰਦਰ ਪਾਲ ਕੌਰ, ਗੁਰਜੀਤ ਕੌਰ, ਮਨਜੀਤ ਕੌਰ, ਹਰਜੀਤ ਕੌਰ, ਸੁਰਿੰਦਰ ਕੌਰ, ਜਸਵੰਤ ਕੌਰ, ਤਰਨਜੀਤ ਕੌਰ, ਬਲਬੀਰ ਕੌਰ ਅਤੇ ਰਵਿੰਦਰ ਕੌਰ ਆਦਿ ਹਾਜ਼ਰ ਸਨ।