ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ 20 ਵਿਦਿਆਰਥੀਆਂ ਦੇ ਸ੍ਰੀ ਸਹਿਜ ਪਾਠ ਆਰੰਭ ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ 20 ਵਿਦਿਆਰਥੀਆਂ ਦੇ ਸ੍ਰੀ ਸਹਿਜ ਪਾਠ ਆਰੰਭ
Publish Date: Mon, 19 Oct 2026 04:20 PM (IST)
Updated Date: Mon, 19 Oct 2026 04:21 PM (IST)
ਗੁਰਬਾਣੀ ਨਾਲ ਜੁੜਨ ਅਤੇ ਸਿੱਖੀ ਸਿਧਾਂਤਾਂ ਨੂੰ ਜੀਵਨ ’ਚ ਅਪਣਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਪੰਜਾਬੀ ਜਾਗਰਣ ਟੀਮ, ਸ੍ਰੀ ਕੀਰਤਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ ਵਿਖੇ 20 ਵਿਦਿਆਰਥੀਆਂ ਦੇ ਸ੍ਰੀ ਸਹਿਜ ਪਾਠ ਸ਼ਰਧਾ ਅਤੇ ਸਤਿਕਾਰ ਸਹਿਤ ਆਰੰਭ ਕਰਵਾਏ ਗਏ। ਇਹ ਧਾਰਮਿਕ ਸਮਾਗਮ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਜੁਗੋ-ਜੁਗ ਅਟੱਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਬਖ਼ਸ਼ਿਸ਼ ਸਦਕਾ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਗੁਰਬਾਣੀ ਪ੍ਰਤੀ ਸ਼ਰਧਾ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਿੱਖੀ ਸਿਧਾਂਤਾਂ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ। ਸਹਿਜ ਪਾਠ ਰਾਹੀਂ ਵਿਦਿਆਰਥੀਆਂ ਨੂੰ ਨਾਮ ਸਿਮਰਨ, ਸੇਵਾ, ਨਿਮਰਤਾ, ਸੱਚਾਈ ਅਤੇ ਚੰਗੇ ਸੰਸਕਾਰਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਮਿਲੇਗੀ। ਇਸ ਮੌਕੇ ਗੁਰੂ ਸਾਹਿਬ ਜੀ ਦੇ ਚਰਨਾਂ ’ਚ ਅਰਦਾਸ ਕੀਤੀ ਗਈ ਕਿ ਸਮੂਹ ਵਿਦਿਆਰਥੀਆਂ ਨੂੰ ਗੁਰਬਾਣੀ ਪੜ੍ਹਨ, ਸਮਝਣ ਅਤੇ ਉਸ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਬਲ ਬਖ਼ਸ਼ਣ। ਇਸ ਦੇ ਨਾਲ ਹੀ ਸਮੁੱਚੀ ਮਨੁੱਖਤਾ ਦੇ ਭਲੇ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਗੁਰੂ ਸਾਹਿਬ ਜੀ ਦੀ ਮਿਹਰ ਦੀ ਕਾਮਨਾ ਕੀਤੀ ਗਈ। ਸਕੂਲ ਪ੍ਰਬੰਧਕਾਂ ਅਨੁਸਾਰ ਅਜਿਹੇ ਧਾਰਮਿਕ ਅਤੇ ਅਧਿਆਤਮਿਕ ਉਪਰਾਲੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਅੰਦਰ ਸਿੱਖੀ ਵਿਰਸੇ, ਗੁਰਮਤਿ ਸਿਧਾਂਤਾਂ ਅਤੇ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਸਮਝ ’ਤੇ ਸਤਿਕਾਰ ਵਧਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।