ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਨਾਲ ਜੋੜਨ ਲਈ ਮਾਪਿਆਂ ਦਾ ਉਪਰਾਲਾ ਸ਼ਲਾਘਾਯੋਗ : ਹਰਜੋਤ ਬੈਂਸ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੈਕਟਰ-2 ਨੰਗਲ ਵਿਖੇ ਰਾਮ ਲੀਲਾ ਸਮਾਗਮ ਵਿੱਚ ਸ਼ਿਰਕਤ
Publish Date: Mon, 19 Oct 2026 05:29 PM (IST)
Updated Date: Mon, 19 Oct 2026 05:30 PM (IST)
ਪੰਜਾਬੀ ਜਾਗਰਣ ਟੀਮ, ਨੰਗਲ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਕਟਰ-2, ਨੰਗਲ ਵਿਖੇ ਰਾਮ ਲੀਲਾ ਦੇ ਸਮਾਗਮ ’ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕਾਂ ਅਤੇ ਸਮਾਗਮ ’ਚ ਸ਼ਾਮਲ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਰਾਮ ਲੀਲਾ ਦੇ ਆਯੋਜਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਡੀ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸਮਾਜ ’ਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਭਾਰਤੀ ਸੰਸਕ੍ਰਿਤੀ ਅਤੇ ਰਵਾਇਤਾਂ ਨਾਲ ਜੋੜਨ ਲਈ ਜੋ ਉਪਰਾਲੇ ਕਰ ਰਹੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਬੱਚਿਆਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ, ਧਾਰਮਿਕ ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣੂ ਕਰਵਾਉਣਾ ਬੇਹੱਦ ਜ਼ਰੂਰੀ ਹੈ। ਇਸ ਨਾਲ ਬੱਚਿਆਂ ਅੰਦਰ ਆਪਣੇ ਵਿਰਸੇ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਹ ਚੰਗੇ ਨਾਗਰਿਕ ਬਣਨ ਵੱਲ ਪ੍ਰੇਰਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਮ ਲੀਲਾ ਵਰਗੇ ਸਮਾਗਮ ਸਿਰਫ਼ ਧਾਰਮਿਕ ਆਸਥਾ ਦਾ ਪ੍ਰਤੀਕ ਹੀ ਨਹੀਂ, ਸਗੋਂ ਇਹ ਸਾਨੂੰ ਸੱਚਾਈ, ਨੇਕੀ, ਸੇਵਾ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਵੀ ਦਿੰਦੇ ਹਨ। ਅਜਿਹੇ ਸਮਾਗਮਾਂ ਰਾਹੀਂ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਬਾਰੇ ਸਿੱਖਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕਦਾ ਹੈ। ਇਸ ਮੌਕੇ ਨਗਰ ਕੌਂਸਲ ਦੀ ਚੇਅਰਮੈਨ ਕਿਰਨ ਬਾਲਾ, ਨਗਰ ਕੌਂਸਲ ਦੇ ਸੀਨੀਅਰ ਵਾਈਸ ਚੇਅਰਮੈਨ ਰਮੇਸ਼ ਮਾਸ਼ਾ, ਹੇਮਰਾਜ ਸੈਣੀ, ਅਸ਼ਵਨੀ ਸ਼ਰਮਾ, ਸੰਜੀਵ ਕੁਰਾਲੀਆ, ਰਾਕੇਸ਼ ਵਰਮਾ, ਗੁਰਦੇਵ ਬਿੱਲਾ ਅਤੇ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।