ਬੈਂਸ ਵੱਲੋਂ ਰਾਮ ਲੀਲਾ ਕਮੇਟੀ ਕਾਂਗੜਾ ਵੈਲਫੇਅਰ ਸੈਂਟਰ ਨੂੰ 21 ਹਜ਼ਾਰ ਦੀ ਮਦਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰਾਮ ਲੀਲਾ ਕਮੇਟੀ ਕਾਂਗੜਾ ਵੈਲਫੇਅਰ ਸੈਂਟਰ ਨੂੰ 21 ਹਜ਼ਾਰ ਰੁਪਏ ਦੀ ਸਹਾਇਤਾ
Publish Date: Mon, 19 Oct 2026 05:31 PM (IST)
Updated Date: Mon, 19 Oct 2026 05:33 PM (IST)
ਪੰਜਾਬੀ ਜਾਗਰਣ ਟੀਮ, ਨੰਗਲ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਾਰਡ ਨੰਬਰ 3, ਨੰਗਲ ਵਿਖੇ ਸਥਿਤ ਰਾਮ ਲੀਲਾ ਕਮੇਟੀ ਕਾਂਗੜਾ ਵੈਲਫੇਅਰ ਸੈਂਟਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਮੇਟੀ ਵੱਲੋਂ ਕੀਤੇ ਜਾ ਰਹੇ ਸਮਾਜਿਕ ਅਤੇ ਸੱਭਿਆਚਾਰਕ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸੰਸਥਾ ਨੂੰ 21 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ’ਚ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ, ਧਾਰਮਿਕ ਪਰੰਪਰਾਵਾਂ ਅਤੇ ਇਤਿਹਾਸ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਭਾਰਤੀ ਸੰਸਕ੍ਰਿਤੀ ਅਤੇ ਚੰਗੀਆਂ ਕਦਰਾਂ-ਕੀਮਤਾਂ ਨਾਲ ਜੋੜਨ ਲਈ ਜੋ ਉਪਰਾਲੇ ਕਰ ਰਹੇ ਹਨ, ਉਹ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਆਪਣੇ ਵਿਰਸੇ ਦੀ ਜਾਣਕਾਰੀ ਦੇਣ ਨਾਲ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਧਾਰਮਿਕ ਅਤੇ ਸੱਭਿਆਚਾਰਕ ਸੰਸਥਾਵਾਂ ਵੱਲੋਂ ਕੀਤੇ ਜਾਂਦੇ ਸਮਾਗਮ ਲੋਕਾਂ ਨੂੰ ਇਕਜੁੱਟ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਪਰੰਪਰਾਵਾਂ ਦੀ ਮਹੱਤਤਾ ਸਮਝਾਉਣ ਦਾ ਵੀ ਵਧੀਆ ਸਾਧਨ ਹਨ। ਉਨ੍ਹਾਂ ਨੇ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਸਮਾਜ ਭਲਾਈ ਦੇ ਕਾਰਜ ਜਾਰੀ ਰੱਖਣ ਅਤੇ ਬੱਚਿਆਂ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਬਾਰੇ ਜਾਣੂ ਕਰਵਾਉਂਦੇ ਰਹਿਣ। ਇਸ ਮੌਕੇ ਮਨਜੋਤ ਸਿੰਘ ਕੌਂਸਲਰ, ਵਿੱਕੀ ਮਹਿਤਾ, ਦਵਿੰਦਰ ਗਾਂਧੀ, ਪੰਮੀ, ਕੀਤੂ ਅਤੇ ਸੁਭਾਸ਼ ਕਪਿਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।