ਨਾਜਾਇਜ਼ ਸ਼ਰਾਬ ਸਬੰਧੀ ਸ਼ਿਕਾਇਤਾਂ ਤੋਂ ਬਾਅਦ ਰਾਜਸਥਾਨੀ ਝੁੱਗੀਆਂ ’ਚ ਤਲਾਸ਼ੀ ਮੁਹਿੰਮ ਨਜਾਇਜ਼ ਸ਼ਰਾਬ ਸਬੰਧੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਭਾਰੀ ਪੁਲਿਸ ਫੋਰਸ ਨਾਲ ਰਾਜਸਥਾਨੀ ਝੁੰਗੀਆਂ ਚੋ ਤਲਾਸ਼ੀ ਮੁਹਿੰਮ
Publish Date: Mon, 19 Oct 2026 07:21 PM (IST)
Updated Date: Mon, 19 Oct 2026 07:24 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਸ੍ਰੀ ਕੀਰਤਪੁਰ ਸਾਹਿਬ ਵਿਖੇ ਨਾਜਾਇਜ਼ ਸ਼ਰਾਬ ਦੀ ਵਿਕਰੀ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਸ੍ਰੀ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲੇ ਵਿਅਕਤੀਆਂ ਦੀ ਭਾਲ ਲਈ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਅੱਜ ਦੇਰ ਸ਼ਾਮ ਡੀਐੱਸਪੀ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਪਾਰਟੀ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਰੇਲਵੇ ਸਟੇਸ਼ਨ ਅਤੇ ਪੁਰਾਣੇ ਬੱਸ ਅੱਡੇ ਦੇ ਪਿਛਲੇ ਪਾਸੇ ਸਥਿਤ ਰਾਜਸਥਾਨੀ ਪਰਿਵਾਰਾਂ ਦੀਆਂ ਝੁੱਗੀਆਂ ’ਚ ਛਾਪੇਮਾਰੀ ਕਰਕੇ ਬਾਰੀਕੀ ਨਾਲ ਜਾਂਚ ਕੀਤੀ ਗਈ। ਹਾਲਾਂਕਿ ਇਸ ਦੌਰਾਨ ਪੁਲਿਸ ਨੂੰ ਕੋਈ ਵੀ ਇਤਰਾਜ਼ਯੋਗ ਵਸਤੂ ਜਾਂ ਨਾਜਾਇਜ਼ ਸ਼ਰਾਬ ਬਰਾਮਦ ਨਹੀਂ ਹੋਈ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਾਜਾਇਜ਼ ਸ਼ਰਾਬ ਦੀ ਵਿਕਰੀ ਵਿਰੁੱਧ ਇਹ ਮੁਹਿੰਮ ਭਵਿੱਖ ’ਚ ਵੀ ਲਗਾਤਾਰ ਜਾਰੀ ਰਹੇਗੀ। ਇਸ ਕਾਰਵਾਈ ’ਚ ਸ੍ਰੀ ਕੀਰਤਪੁਰ ਸਾਹਿਬ ਪੁਲਿਸ ਦੇ ਨਾਲ ਭਰਤਗੜ੍ਹ ਪੁਲਿਸ ਦੀ ਟੀਮ ਵੀ ਸ਼ਾਮਲ ਰਹੀ। ਛਾਪੇਮਾਰੀ ਦੌਰਾਨ ਮਹਿਲਾ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ। ਪੁਲਿਸ ਵੱਲੋਂ ਪੂਰੇ ਇਲਾਕੇ ਦੀ ਜਾਂਚ ਕੀਤੀ ਗਈ, ਪਰ ਇਸ ਦੌਰਾਨ ਕੋਈ ਵੀ ਨਾਜਾਇਜ਼ ਸ਼ਰਾਬ ਬਰਾਮਦ ਨਹੀਂ ਹੋਈ। ਝੁੱਗੀਆਂ ਦੇ ਨਾਲ ਲਗਦੇ ਇਲਾਕੇ ਦੀ ਵੀ ਕੀਤੀ ਜਾਂਚ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਕੀਰਤਪੁਰ ਸਾਹਿਬ ਦੇ ਪੁਰਾਣੇ ਬੱਸ ਅੱਡੇ ਅਤੇ ਰੇਲਵੇ ਸਟੇਸ਼ਨ ਦੇ ਨੇੜੇ ਸਥਿਤ ਝੁੱਗੀਆਂ ’ਚ ਨਾਜਾਇਜ਼ ਸ਼ਰਾਬ ਵੇਚੇ ਜਾਣ ਸਬੰਧੀ ਪੁਲਿਸ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ। ਛਾਪੇਮਾਰੀ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਝੁੱਗੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਉੱਥੇ ਰਹਿਣ ਵਾਲੇ ਲੋਕਾਂ ਦੇ ਆਲੇ-ਦੁਆਲੇ ਦੇ ਇਲਾਕੇ ਦੀ ਵੀ ਜਾਂਚ ਕੀਤੀ। ਇਸ ਤੋਂ ਇਲਾਵਾ ਝੁੱਗੀਆਂ ਦੇ ਆਲੇ-ਦੁਆਲੇ ਉੱਗੇ ਸਰਕੰਡੇ ਅਤੇ ਹੋਰ ਥਾਵਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਤਾਂ ਜੋ ਨਾਜਾਇਜ਼ ਸ਼ਰਾਬ ਦੀ ਵਿਕਰੀ ਜਾਂ ਭੰਡਾਰਨ ਸਬੰਧੀ ਕਿਸੇ ਵੀ ਸੰਭਾਵਨਾ ਦੀ ਪੜਤਾਲ ਕੀਤੀ ਜਾ ਸਕੇ। ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ: ਐਸਐਚਓ ਰਾਹੁਲ ਸ਼ਰਮਾ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਮੁਖੀ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਸ੍ਰੀ ਕੀਰਤਪੁਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ’ਚ ਨਾਜਾਇਜ਼ ਤੌਰ ਤੇ ਸ਼ਰਾਬ ਵੇਚੇ ਜਾਣ ਸਬੰਧੀ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਤੋਂ ਪਹਿਲਾਂ ਵੀ ਪੁਲਿਸ ਵੱਲੋਂ ਇਸ ਮਾਮਲੇ ’ਚ ਇੱਕ ਔਰਤ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਅੱਜ ਭਰਤਗੜ੍ਹ ਪੁਲਿਸ ਅਤੇ ਸ੍ਰੀ ਕੀਰਤਪੁਰ ਸਾਹਿਬ ਪੁਲਿਸ ਦੀ ਸਾਂਝੀ ਟੀਮ ਵੱਲੋਂ ਝੁੱਗੀਆਂ ’ਚ ਜਾਂਚ ਕੀਤੀ ਗਈ।ਉਨ੍ਹਾਂ ਕਿਹਾ ਕਿ ਭਾਵੇਂ ਅੱਜ ਦੀ ਛਾਪੇਮਾਰੀ ਦੌਰਾਨ ਪੁਲਿਸ ਨੂੰ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ, ਪਰ ਇਸ ਦਾ ਇਹ ਮਤਲਬ ਨਹੀਂ ਕਿ ਪੁਲਿਸ ਵੱਲੋਂ ਇਸ ਮਾਮਲੇ ਨੂੰ ਨਜ਼ਰਅੰਦਾਜ਼ ਕਰ ਦਿੱਤਾ ਜਾਵੇਗਾ। ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ ਅਤੇ ਲੋੜ ਅਨੁਸਾਰ ਅਜਿਹੀਆਂ ਜਾਂਚ ਮੁਹਿੰਮਾਂ ਚਲਾਈਆਂ ਜਾਂਦੀਆਂ ਰਹਿਣਗੀਆਂ। ਘਟੀਆ ਕਿਸਮ ਦੀ ਸ਼ਰਾਬ ਸਿਹਤ ਲਈ ਖ਼ਤਰਨਾਕ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਵੱਲੋਂ ਬਾਹਰੋਂ ਘਟੀਆ ਕਿਸਮ ਦੀ ਸ਼ਰਾਬ ਲਿਆ ਕੇ ਇਨ੍ਹਾਂ ਝੁੱਗੀਆਂ ਵਿੱਚੋਂ ਲੋਕਾਂ ਨੂੰ ਵੇਚੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨਾਜਾਇਜ਼ ਢੰਗ ਨਾਲ ਸ਼ਰਾਬ ਦੀ ਵਿਕਰੀ ਕਰਨਾ ਕਾਨੂੰਨ ਦੀ ਉਲੰਘਣਾ ਹੈ। ਇਸ ਤੋਂ ਇਲਾਵਾ, ਗੈਰ-ਮਿਆਰੀ ਅਤੇ ਅਸੁਰੱਖਿਅਤ ਸ਼ਰਾਬ ਦਾ ਸੇਵਨ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਜੋ ਕਥਿਤ ਤੌਰ ਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ’ਚ ਸ਼ਾਮਲ ਹਨ। ਜੇਕਰ ਕੋਈ ਵੀ ਵਿਅਕਤੀ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਪੁਲਿਸ ਮੁਲਾਜ਼ਮ ਰਹੇ ਮੌਜੂਦ ਇਸ ਛਾਪੇਮਾਰੀ ਦੌਰਾਨ ਥਾਣਾ ਮੁਖੀ ਇੰਸਪੈਕਟਰ ਰਾਹੁਲ ਸ਼ਰਮਾ, ਭਰਤਗੜ੍ਹ ਪੁਲਿਸ ਚੌਕੀ ਦੇ ਇੰਚਾਰਜ ਐਸਆਈ ਸਰਤਾਜ ਸਿੰਘ, ਏਐਸਆਈ ਮਹਿੰਦਰ ਸਿੰਘ, ਏਐਸਆਈ ਪਵਨਦੀਪ ਸਿੰਘ, ਹੌਲਦਾਰ ਗੁਰਪ੍ਰੀਤ ਸਿੰਘ, ਮਹਿਲਾ ਹੌਲਦਾਰ ਪਪਲੂ ਅਤੇ ਮਹਿਲਾ ਕਾਂਸਟੇਬਲ ਰਾਜ ਰਾਣੀ ਸਮੇਤ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ। ਪੁਲਿਸ ਨੇ ਦੁਹਰਾਇਆ ਕਿ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਨਾਜਾਇਜ਼ ਗਤੀਵਿਧੀਆਂ ਨੂੰ ਰੋਕਣ ਲਈ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।