- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ’ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਮੂਹਰੇ ਧਰਨਾਗੇਟ ’ਤੇ ਲਾਇਆ ਲਾਹਣਤੀ ਪੱਤਰ

ਗੇਟ ’ਤੇ ਲਾਇਆ ਵਿਰੋਧ ਪੱਤਰ , ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸੰਯੁਕਤ ਕਿਸਾਨ ਮੋਰਚਾ ਪੰਜਾਬ ਅਤੇ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਸੱਦੇ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਜੱਦੀ ਪਿੰਡ ਗੰਭੀਰਪੁਰ ਸਥਿਤ ਕੋਠੀ ਮੂਹਰੇ ਜ਼ੋਰਦਾਰ ਧਰਨਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੋਠੀ ਦੇ ਗੇਟ ’ਤੇ ਵਿਰੋਧ ਪੱਤਰ ਲਗਾਇਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਇਸ ਮੌਕੇ ਕਿਸਾਨ ਅਤੇ ਮਜ਼ਦੂਰ ਆਗੂਆਂ ਮੋਹਨ ਸਿੰਘ ਧਮਾਣਾ, ਲਖਵਿੰਦਰ ਸਿੰਘ ਰੱਬੀ, ਵੀਰ ਸਿੰਘ ਬੜਵਾ, ਕਾਮਰੇਡ ਸੁਰਜੀਤ ਸਿੰਘ ਢੇਰ, ਜੈਮਲ ਸਿੰਘ ਭੜੀ, ਮਦਨ ਗੋਪਾਲ, ਤਿਲਕ ਰਾਜ ਅਤੇ ਹੋਰਨਾਂ ਨੇ ਕਿਹਾ ਕਿ ਮਾਨਸਾ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਆਗੂਆਂ ਨੇ ਦੋਸ਼ ਲਾਇਆ ਕਿ ਝੋਟਾ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਦਾ ਸੀ ਅਤੇ ਉਸ ਨੂੰ ਪਹਿਲਾਂ ਵੀ ਇਸ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨਸ਼ਾ ਤਸਕਰੀ ਦੇ ਮਾਮਲੇ ’ਚ ਕਥਿਤ ਗੱਠਜੋੜ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ।
ਆਗੂਆਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਚੁੱਪ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਤੋਂ ਜਵਾਬਦੇਹੀ ਮੰਗਣੀ ਚਾਹੀਦੀ ਹੈ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਧਰਨੇ ’ਚ ਮਾਸਟਰ ਗੁਰਨਾਇਬ ਸਿੰਘ ਜੈਤੇਵਾਲ, ਦਵਿੰਦਰ ਨੰਗਲੀ, ਹਰਤੇਗਵੀਰ ਸਿੰਘ ਤੇਗੀ, ਮਾਸਟਰ ਕਰਮ ਚੰਦ ਗਨਾਰੂ, ਦਵਿੰਦਰ ਸਰਥਲੀ, ਧਰਮਪਾਲ ਸੈਣੀ ਅਤੇ ਵੱਖ-ਵੱਖ ਕਿਸਾਨ ’ਤੇ ਮਜ਼ਦੂਰ ਜਥੇਬੰਦੀਆਂ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।