ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਹਿਮ ਤਰਜੀਹ : ਦਿਨੇਸ਼ ਚੱਢਾ ਪਿੰਡ ਬਸੀ ਵਿਖੇ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀ ਲੋਕ ਮਿਲਣੀ
Publish Date: Tue, 20 Oct 2026 04:59 PM (IST)
Updated Date: Tue, 20 Oct 2026 05:00 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਖੇਤਰ ਦੇ ਪਿੰਡ ਬਸੀ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ 9 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਵੀ ਪ੍ਰਦਾਨ ਕੀਤੀ ਗਈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਵਿਧਾਇਕ ਦੇ ਧਿਆਨ ’ਚ ਲਿਆਂਦੇ। ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਯੋਗ ਉਪਰਾਲੇ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਲੋੜਾਂ ਅਨੁਸਾਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਹਿਮ ਤਰਜੀਹ ਹੈ। ਪਿੰਡ ਬਸੀ ਲਈ ਦਿੱਤੀ ਗਈ 9 ਲੱਖ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ’ਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਿੰਡ ਦੇ ਵਿਕਾਸ ਨਾਲ ਸਬੰਧਤ ਮਸਲਿਆਂ ਬਾਰੇ ਜਾਣੂ ਕਰਵਾਇਆ। ਲੋਕ ਮਿਲਣੀ ਰਾਹੀਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਵਿਧਾਇਕ ਦੇ ਸਾਹਮਣੇ ਰੱਖਣ ਦਾ ਮੌਕਾ ਮਿਲਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਬਲਵਿੰਦਰ ਕੌਰ, ਸਰਬਜੀਤ ਸਿੰਘ, ਲੰਬਰਦਾਰ ਗੁਰਚੇਤ ਵਸੀ, ਸੋਹਣ ਸਿੰਘ, ਸਰਪੰਚ ਸੁਰਿੰਦਰ ਸਿੰਘ, ਜਗੀਰ ਸਿੰਘ, ਹਰਦੇਵ ਸਿੰਘ, ਗੁਰਬਖਸ਼ ਸਿੰਘ, ਬਲਕਾਰ ਸਿੰਘ ਸਰਥਲੀ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।