- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਰ ਅਤੇ ਅਣਪਛਾਤੇ ਵਾਹਨ ਦੀ ਟੱਕਰ ਵਿੱਚ ‘ਆਪ’ ਆਗੂ ਸੋਨੂੰ ਚੌਧਰੀ ਦੀ ਦਰਦਨਾਕ ਮੌਤ

ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਿਹਾ ਸੀ
ਸੁਰਿੰਦਰ ਸਿੰਘ ਸੋਨ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਦੇ ਬੱਸ ਸਟੈਂਡ ਨੇੜੇ ਬੀਤੀ ਦੇਰ ਰਾਤ ਕਾਰ ਤੇ ਅਣਪਛਾਤੇ ਵਾਹਨ ਵਿਚਕਾਰ ਹੋਈ ਟੱਕਰ ’ਚ ਆਮ ਆਦਮੀ ਪਾਰਟੀ ਨਾਲ ਸਬੰਧਤ ਆਗੂ ਬੁੱਧ ਰਾਮ ਉਰਫ਼ ਸੋਨੂੰ ਚੌਧਰੀ ਦੀ ਦਰਦਨਾਕ ਮੌਤ ਹੋ ਗਈ। ਉਹ ਜਨਮ ਦਿਨ ਦੀ ਪਾਰਟੀ ਤੋਂ ਵਾਪਸ ਆਪਣੇ ਘਰ ਪਰਤ ਰਹੇ ਸਨ। ਪੁਲਿਸ ਨੇ ਮ੍ਰਿਤਕ ਦੀ ਪਤਨੀ ਪਰਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ’ਚ ਪਰਵਿੰਦਰ ਕੌਰ ਨੇ ਦੱਸਿਆ ਕਿ ਉਹ ਪਿੰਡ ਲੋਅਰ ਮੀਂਢਵਾਂ ਦੇ ਵਸਨੀਕ ਹਨ ਅਤੇ ਉਨ੍ਹਾਂ ਦਾ ਵਿਆਹ ਕਰੀਬ 14 ਸਾਲ ਪਹਿਲਾਂ ਬੁੱਧ ਰਾਮ ਪੁੱਤਰ ਤੇਲੂ ਰਾਮ ਨਾਲ ਹੋਇਆ ਸੀ। ਉਨ੍ਹਾਂ ਦੇ ਦੋ ਲੜਕੇ ਹਨ। ਬੀਤੇ ਦਿਨੀਂ ਉਨ੍ਹਾਂ ਦੇ ਪਤੀ ਆਪਣੀ ਕਾਰ ਨੰਬਰ ਪੀਬੀ 08 ਸੀਟੀ 3988 ’ਚ ਸਵਾਰ ਹੋ ਕੇ ਆਪਣੇ ਦੋਸਤਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਇਕ ਹੋਟਲ ’ਚ ਹੋ ਰਹੀ ਪਾਰਟੀ ’ਚ ਗਏ ਸਨ।
ਉਨ੍ਹਾਂ ਦੱਸਿਆ ਕਿ ਜਦੋਂ ਦੇਰ ਰਾਤ ਤੱਕ ਪਤੀ ਘਰ ਨਹੀਂ ਪਰਤੇ ਤਾਂ ਉਨ੍ਹਾਂ ਨੇ ਫੋਨ ਕੀਤਾ, ਪਰ ਫੋਨ ਨਹੀਂ ਚੁੱਕਿਆ ਗਿਆ। ਇਸ ਤੋਂ ਬਾਅਦ ਉਹ ਆਪਣੇ ਗੁਆਂਢੀਆਂ ਬਲਵੀਰ ਸਿੰਘ ਅਤੇ ਕ੍ਰਿਸ਼ਨ ਚੰਦ ਨਾਲ ਗੱਡੀ ’ਚ ਹੋਟਲ ਵੱਲ ਗਏ। ਵਾਪਸੀ ਦੌਰਾਨ ਉਨ੍ਹਾਂ ਨੇ ਆਪਣੇ ਪਤੀ ਦੀ ਕਾਰ ਨੂੰ ਅੱਗੇ ਜਾਂਦੇ ਦੇਖਿਆ। ਜਦੋਂ ਕਰੀਬ ਰਾਤ 10:50 ਵਜੇ ਉਨ੍ਹਾਂ ਦੀ ਕਾਰ ਬੱਸ ਸਟੈਂਡ ਨੇੜੇ ਪਹੁੰਚੀ ਤਾਂ ਅੱਗੇ ਜਾ ਰਹੇ ਵਾਹਨ ਵੱਲੋਂ ਅਚਾਨਕ ਬਰੇਕ ਲਗਾਉਣ ਕਾਰਨ ਕਾਰ ਉਸ ਨਾਲ ਟਕਰਾ ਗਈ।
ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਬੁੱਧ ਰਾਮ ਨੂੰ ਕਾਰ ਵਿੱਚੋਂ ਬਾਹਰ ਕੱਢਿਆ। ਉਨ੍ਹਾਂ ਦੇ ਮੱਥੇ ’ਤੇ ਗੰਭੀਰ ਸੱਟ ਲੱਗੀ ਹੋਈ ਸੀ। ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਹਾਲਤ ’ਚ ਬੁੱਧ ਰਾਮ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਮਗਰੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਸੋਸ਼ਲ ਮੀਡੀਆ ’ਤੇ ਚਰਚਾ
ਸੋਨੂੰ ਚੌਧਰੀ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਉਹ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਸੋਸ਼ਲ ਮੀਡੀਆ ’ਤੇ ਸਰਗਰਮ ਰਹਿੰਦੇ ਸਨ। ਉਨ੍ਹਾਂ ਦੇ ਜਾਣਕਾਰਾਂ ਅਤੇ ਸਮਰਥਕਾਂ ਵੱਲੋਂ ਹਾਦਸੇ ਦੀ ਜਾਂਚ ਦੀ ਮੰਗ ਵੀ ਉਠਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕੁਝ ਖੁਲਾਸੇ ਕਰਨ ਦੀ ਗੱਲ ਕਹੀ ਸੀ। ਹਾਲਾਂਕਿ, ਹਾਦਸੇ ਸਬੰਧੀ ਕਿਸੇ ਹੋਰ ਸੰਭਾਵਨਾ ਬਾਰੇ ਪੁਲਿਸ ਵੱਲੋਂ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਗਈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।