ਦਿਨੇਸ਼ ਚੱਢਾ ਵੱਲੋਂ ਪਿੰਡ ਔਲਖ ਨੂੰ 3 ਲੱਖ ਤੇ ਲਸਾੜੀ ਨੂੰ 5 ਲੱਖ ਦੀ ਗ੍ਰਾਂਟ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਔਲਖ ਨੂੰ 3 ਲੱਖ ’ਤੇ ਲਸਾੜੀ ਨੂੰ 5 ਲੱਖ ਰੁਪਏ ਦੀ ਗ੍ਰਾਂਟ ਭੇਟ
Publish Date: Wed, 21 Oct 2026 04:37 PM (IST)
Updated Date: Wed, 21 Oct 2026 04:39 PM (IST)
ਲੋਕ ਮਿਲਣੀਆਂ ਦੌਰਾਨ ਵਿਕਾਸ ਕਾਰਜਾਂ ਅਤੇ ਬੁਨਿਆਦੀ ਸਹੂਲਤਾਂ ਸਬੰਧੀ ਮੰਗਾਂ ਸੁਣੀਆਂ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਗਤੀ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਔਲਖ ਅਤੇ ਲਸਾੜੀ ਵਿਖੇ ਲੋਕਾਂ ਨਾਲ ਸੰਵਾਦ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਨਾਲ ਸਬੰਧਤ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਦੋਵਾਂ ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਗ੍ਰਾਂਟਾਂ ਪ੍ਰਦਾਨ ਕੀਤੀਆਂ। ਪਿੰਡ ਔਲਖ ਦੀ ਗ੍ਰਾਮ ਪੰਚਾਇਤ ਨੂੰ 3 ਲੱਖ ਰੁਪਏ ਅਤੇ ਪਿੰਡ ਲਸਾੜੀ ਦੀ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ। ਇਸ ਤਰ੍ਹਾਂ ਦੋਵਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁੱਲ 8 ਲੱਖ ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾਈ ਗਈ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦੀ ਤਰੱਕੀ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਲੋੜਾਂ ਨੂੰ ਸਮਝਣਾ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਤਰਜੀਹਾਂ ਅਨੁਸਾਰ ਅੱਗੇ ਵਧਾਉਣਾ ਹੈ। ਪੰਚਾਇਤਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗ੍ਰਾਂਟਾਂ ਦੀ ਵਰਤੋਂ ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੇ ਇਲਾਕਿਆਂ ਨਾਲ ਸਬੰਧਤ ਵੱਖ-ਵੱਖ ਮੁੱਦੇ ਵਿਧਾਇਕ ਦੇ ਧਿਆਨ ਵਿੱਚ ਲਿਆਂਦੇ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਵਾਈਸ ਚੇਅਰਮੈਨ ਦੇਸਰਾਜ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ, ਬਲਾਕ ਸੰਮਤੀ ਵਾਈਸ ਚੇਅਰਮੈਨ ਰਾਮ ਪ੍ਰਤਾਪ ਤਾਰੀ ਤੋਂ ਇਲਾਵਾ ਦੋਵਾਂ ਪਿੰਡਾਂ ਦੇ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।