- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਮਤਾ ਦਿਵਸ ਦੌਰਾਨ ਮਾਂ-ਬੱਚੇ ਦੀ ਸਿਹਤ ਸੇਵਾਵਾਂ ਦਾ ਐਸ.ਐਮ.ਓ. ਡਾ. ਹਰਪ੍ਰੀਤ ਕੌਰ ਨੇ ਲਿਆ ਜਾਇਜ਼ਾ

ਟੀਕਾਕਰਨ ਤੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਮਾਂ ਅਤੇ ਬੱਚੇ ਦੀ ਸਿਹਤ ਨੂੰ ਬਿਹਤਰ ਬਣਾਉਣ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਮਕਸਦ ਨਾਲ ਸੀਨੀਅਰ ਮੈਡੀਕਲ ਅਫ਼ਸਰ ਸਰਕਾਰੀ ਹਸਪਤਾਲ ਸਿੰਘਪੁਰ (ਨੂਰਪੁਰਬੇਦੀ) ਡਾ. ਹਰਪ੍ਰੀਤ ਕੌਰ ਨੇ ਵੱਖ-ਵੱਖ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਮਮਤਾ ਦਿਵਸ ਪ੍ਰੋਗਰਾਮਾਂ ਦਾ ਨਿਰੀਖਣ ਕੀਤਾ। ਇਹ ਦੌਰਾ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਗਰਭਵਤੀ ਔਰਤਾਂ, ਮਾਵਾਂ ਅਤੇ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਸਿਹਤ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਨੂਰਪੁਰਬੇਦੀ ਦੇ ਇਮਿਊਨਾਈਜ਼ੇਸ਼ਨ ਨੋਡਲ ਅਫ਼ਸਰ ਡਾ. ਰਜਤ ਬੈਰੀ ਵੀ ਮੌਜੂਦ ਸਨ। ਇਸ ਮੌਕੇ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਨਿਰਧਾਰਤ ਸਮੇਂ ਅਨੁਸਾਰ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਟੀਕਾਕਰਨ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਸਮਾਂ-ਸਾਰਣੀ ਦੀ ਪਾਲਣਾ ਕਰਨ ਅਤੇ ਕੋਈ ਵੀ ਟੀਕਾ ਲਗਵਾਉਣ ਤੋਂ ਨਾ ਖੁੰਝਣ। ਉਨ੍ਹਾਂ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸੰਪੂਰਨ ਕੁਦਰਤੀ ਆਹਾਰ ਹੈ, ਜੋ ਉਸ ਨੂੰ ਲੋੜੀਂਦੇ ਪੌਸ਼ਟਿਕ ਤੱਤ ਪ੍ਰਦਾਨ ਕਰਨ ਦੇ ਨਾਲ-ਨਾਲ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵੀ ਵਧਾਉਂਦਾ ਹੈ। ਇਸ ਲਈ ਬੱਚੇ ਦੇ ਸਿਹਤਮੰਦ ਵਿਕਾਸ ਵਾਸਤੇ ਮਾਂ ਦਾ ਦੁੱਧ ਪਿਲਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਡਾ. ਰਜਤ ਬੈਰੀ ਨੇ ਆਇਓਡੀਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦੀ ਘਾਟ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਉੱਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਆਇਓਡੀਨ ਦੀ ਘਾਟ ਤੋਂ ਬਚਣ ਲਈ ਰੋਜ਼ਾਨਾ ਖੁਰਾਕ ਵਿੱਚ ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐੱਲ.ਐੱਚ.ਵੀ. ਗੁਰਵਿੰਦਰ ਕੌਰ, ਏ.ਐੱਨ.ਐੱਮ. ਲਵਪ੍ਰੀਤ ਕੌਰ ਸਮੇਤ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।