ਰਾਹੁਲ ਗਾਂਧੀ ਦੀ ਮੁਹਿੰਮ ਨਾਲ ਚੱਟਾਨ ਵਾਂਗ ਖੜ੍ਹੀ ਹੈ ਬਲਾਕ ਕਾਂਗਰਸ ਕਮੇਟੀ : ਸ਼ਰਮਾ ਰਾਹੁਲ ਗਾਂਧੀ ਦੀ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਨਾਲ ਚਟਾਨ ਵਾਂਗ ਖੜ੍ਹੀ ਹੈ ਬਲਾਕ ਕਾਂਗਰਸ ਕਮੇਟੀ ਨੂਰਪੁਰਬੇਦੀ : ਅਸ਼ਵਨੀ ਸ਼ਰਮਾ
Publish Date: Fri, 23 Oct 2026 04:13 PM (IST)
Updated Date: Fri, 23 Oct 2026 04:15 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਲੋਕਤੰਤਰ ਦੀ ਰਾਖੀ ਅਤੇ ਵੋਟ ਦੇ ਅਧਿਕਾਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਬਲਾਕ ਕਾਂਗਰਸ ਕਮੇਟੀ ਨੂਰਪੁਰਬੇਦੀ ਇਸ ਮੁਹਿੰਮ ਵਿੱਚ ਰਾਹੁਲ ਗਾਂਧੀ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਾਰਟੀ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਹ ਪ੍ਰਗਟਾਵਾ ਉਨ੍ਹਾਂ ਨੂਰਪੁਰਬੇਦੀ ਵਿਖੇ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਦੀ ਸ਼ੁਰੂਆਤ ਮੌਕੇ ਕੀਤਾ। ਇਸ ਦੌਰਾਨ ਬਲਾਕ ਕਾਂਗਰਸ ਕਮੇਟੀ ਨੂਰਪੁਰਬੇਦੀ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਸ਼ਹਿਰ ਦੇ ਬਾਜ਼ਾਰ ਵਿੱਚ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਮੁਹਿੰਮ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਆਗੂਆਂ ਨੇ ਦੁਕਾਨਾਂ ਅਤੇ ਘਰਾਂ ਵਿੱਚ ਜਾ ਕੇ ਪੈਂਫਲੈੱਟ ਵੀ ਵੰਡੇ ਅਤੇ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਸਮਝਾਈ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮੁਹਿੰਮ ਨੂੰ ਨੂਰਪੁਰ ਬੇਦੀ ਬਲਾਕ ਦੇ ਹਰ ਪਿੰਡ, ਹਰ ਬੂਥ ਅਤੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੋਟ ਦੀ ਅਹਿਮੀਅਤ, ਲੋਕਤੰਤਰੀ ਅਧਿਕਾਰਾਂ ਅਤੇ ਵੋਟਾਂ ਵਿੱਚ ਕਥਿਤ ਬੇਨਿਯਮੀਆਂ ਦੇ ਮੁੱਦੇ ਪ੍ਰਤੀ ਜਾਗਰੂਕ ਕਰਨਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਅਹਿਦ ਲਿਆ ਕਿ ਉਹ ਪਿੰਡ-ਪਿੰਡ ਅਤੇ ਹਰ ਮੰਡਲ ਵਿੱਚ ਜਾ ਕੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨਗੇ। ਐਡਵੋਕੇਟ ਪਰਾਸ਼ਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਘਰ-ਘਰ ਅਤੇ ਦੁਕਾਨ-ਦੁਕਾਨ ਤੱਕ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਲੋਕਾਂ ਨੂੰ ਮੁਹਿੰਮ ਦਾ ਮਹੱਤਵ ਸਮਝਾਉਂਦਿਆਂ ਵੱਧ ਤੋਂ ਵੱਧ ਲੋਕਾਂ ਤੱਕ ਇਸ ਦਾ ਸੁਨੇਹਾ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਰਾਜ ਕੁਮਾਰ ਕਾਕੂ, ਗੌਰਵ ਕਾਲੜਾ, ਸੂਰਜ ਧੀਮਾਨ ਤੇ ਬਾਬੂ ਆਦਿ ਹਾਜ਼ਰ ਸਨ।