ਚੜ੍ਹਦੀ ਕਲਾ ਵਜ਼ੀਫਾ ਸਕੀਮ ਰਾਹੀਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਕੀਤਾ ਜਾ ਰਿਹਾ ਉਤਸ਼ਾਹਿਤ ਚੜ੍ਹਦੀ ਕਲਾ ਵਜ਼ੀਫਾ ਸਕੀਮ ਰਾਹੀਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਕੀਤਾ ਜਾ ਰਿਹਾ ਉਤਸ਼ਾਹਿਤ
Publish Date: Fri, 23 Oct 2026 04:24 PM (IST)
Updated Date: Fri, 23 Oct 2026 04:27 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਕੇਅਰ ਵਨ ਕੇਅਰ ਆਲ ਗਰੁੱਪ ਪੰਜਾਬ ਆਸਟ੍ਰੇਲੀਆ ਅਤੇ ਮਾਤਾ ਜੀਤੋ ਜੀ ਜੱਚਾ ਬੱਚਾ ਸੰਸਥਾ ਪੰਜਾਬ ਵੱਲੋਂ ਲੋਕ ਭਲਾਈ ਅਤੇ ਸਿੱਖਿਆ ਦੇ ਖੇਤਰ ਵਿੱਚ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਸੰਸਥਾਵਾਂ ਵੱਲੋਂ ਲੋੜਵੰਦ ਪਰਿਵਾਰਾਂ ਅਤੇ ਵਿਧਵਾ ਔਰਤਾਂ ਨੂੰ ਮਹੀਨਾਵਾਰ ਰਾਸ਼ਨ, ਮੁਫ਼ਤ ਡਿਸਪੈਂਸਰੀ, ਮੈਡੀਕਲ ਕੈਂਪ, ਕੰਪਿਊਟਰ ਕੋਰਸ, ਸਿਲਾਈ ਸੈਂਟਰ ਅਤੇ ਮੁਫ਼ਤ ਟਿਊਸ਼ਨ ਸੈਂਟਰਾਂ ਰਾਹੀਂ ਸਹਾਇਤਾ ਦਿੱਤੀ ਜਾ ਰਹੀ ਹੈ। ਮਾਤਾ ਜੀਤੋ ਜੀ ਜੱਚਾ ਬੱਚਾ ਸੰਸਥਾ ਦੀ ਪ੍ਰਧਾਨ ਹਰਜੀਤ ਕੌਰ ਨੇ ਦੱਸਿਆ ਕਿ ਕੇਅਰ ਵਨ ਕੇਅਰ ਆਲ ਗਰੁੱਪ ਦੇ ਬਾਨੀ ਪਰਮਜੀਤ ਸਿੰਘ ਆਸਟ੍ਰੇਲੀਆ ਵੱਲੋਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਉਤਸ਼ਾਹਿਤ ਕਰਨ ਵਾਸਤੇ ਚੜ੍ਹਦੀ ਕਲਾ ਵਜ਼ੀਫਾ ਸਕੀਮ ਸ਼ੁਰੂ ਕੀਤੀ ਗਈ ਸੀ। ਪਹਿਲੇ ਸਾਲ ਜ਼ਿਲ੍ਹਾ ਰੂਪਨਗਰ ਦੇ 60 ਸਕੂਲਾਂ ਦੇ 330 ਵਿਦਿਆਰਥੀਆਂ ਨੂੰ ਪ੍ਰੀਖਿਆ ਉਪਰੰਤ ਇਕ ਲੱਖ ਰੁਪਏ ਦੇ ਵਜ਼ੀਫੇ ਦਿੱਤੇ ਗਏ। ਸਾਲ 2025 ਵਿੱਚ 80 ਸਕੂਲਾਂ ਦੇ 650 ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਗਿਆ। ਇਸ ਮੌਕੇ ਕੇਅਰ ਵਨ ਕੇਅਰ ਆਲ ਗਰੁੱਪ ਪੰਜਾਬ ਦੇ ਪ੍ਰਧਾਨ ਰਸ਼ਵਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਸਮਾਜ ਦੀ ਤਰੱਕੀ ਦਾ ਅਹਿਮ ਆਧਾਰ ਹੈ। ਸੰਸਥਾ ਦਾ ਮਕਸਦ ਆਰਥਿਕ ਤੰਗੀਆਂ ਕਾਰਨ ਕਿਸੇ ਵੀ ਹੋਣਹਾਰ ਵਿਦਿਆਰਥੀ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਣ ਦੇਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਅਜਿਹੇ ਉਪਰਾਲਿਆਂ ਵਿੱਚ ਸਹਿਯੋਗ ਦਿੱਤਾ ਜਾਵੇ। ਗਰੁੱਪ ਦੇ ਬਾਨੀ ਪਰਮਜੀਤ ਸਿੰਘ ਆਸਟ੍ਰੇਲੀਆ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਅੱਗੇ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਰਿਆਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਸਾਲ ਵਜ਼ੀਫਾ ਸਕੀਮ ਦਾ ਵਿਸਥਾਰ ਪੂਰੇ ਪੰਜਾਬ ਵਿੱਚ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ 27 ਸਕੂਲਾਂ ਦੇ ਲਗਭਗ 205 ਵਿਦਿਆਰਥੀਆਂ ਦੀ ਪ੍ਰੀਖਿਆ ਅਤੇ ਇੰਟਰਵਿਊ ਲਿਆ ਗਿਆ। ਸ੍ਰੀ ਅਨੰਦਪੁਰ ਸਾਹਿਬ ਖੇਤਰ ਦੇ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਲਈ ਚਾਰ ਕੇਂਦਰ ਬਣਾਏ ਗਏ ਹਨ। ਇਨ੍ਹਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ ਕੀਰਤਪੁਰ ਸਾਹਿਬ, ਸਰਕਾਰੀ ਹਾਈ ਸਮਾਰਟ ਸਕੂਲ ਚੰਦਪੁਰ ਬੇਲਾ, ਸੀਨੀਅਰ ਸੈਕੰਡਰੀ ਖਾਲਸਾ ਸਕੂਲ ਸ੍ਰੀ ਅਨੰਦਪੁਰ ਸਾਹਿਬ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਲਾਣ ਸ਼ਾਮਲ ਹਨ। ਇਨ੍ਹਾਂ ਕੇਂਦਰਾਂ ਵਿੱਚ ਲਗਭਗ 700 ਵਿਦਿਆਰਥੀ ਪ੍ਰੀਖਿਆ ਦੇਣਗੇ। ਸਫਲ ਵਿਦਿਆਰਥੀਆਂ ਨੂੰ ਵਜ਼ੀਫੇ ਦੇ ਕੇ ਸਨਮਾਨਿਤ ਕੀਤਾ ਜਾਵੇਗਾ।