ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ ਵਿੱਚ 16,285 ਮੀਟ੍ਰਿਕ ਟਨ ਝੋਨੇ ਦੀ ਆਮਦ ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ ਵਿੱਚ 16,285 ਮੀਟ੍ਰਿਕ ਟਨ ਝੋਨੇ ਦੀ ਆਮਦ
Publish Date: Fri, 23 Oct 2026 04:35 PM (IST)
Updated Date: Fri, 23 Oct 2026 04:36 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦੇ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਹੁਣ ਤੱਕ 12 ਮੰਡੀਆਂ ਵਿੱਚ 16,285 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਸਮੁੱਚੇ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਇਸ ਵਿੱਚੋਂ 9821 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ, ਜਦਕਿ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵਜੋਂ ਲਗਭਗ 24 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐੱਸਡੀਐੱਮ ਸੁਖਪਾਲ ਸਿੰਘ ਵੱਲੋਂ ਮੰਡੀਆਂ ਦਾ ਲਗਾਤਾਰ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਅਧਿਕਾਰੀਆਂ ਨੂੰ ਖਰੀਦ ਵਿੱਚ ਤੇਜ਼ੀ ਲਿਆਉਣ, ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਅਦਾਇਗੀ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਇਸ ਮੌਕੇ ਐੱਸਡੀਐੱਮ ਸੁਖਪਾਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ। ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ, ਉੱਥੇ ਹੀ ਹਵਾ ਪ੍ਰਦੂਸ਼ਣ ਅਤੇ ਧੂੰਏਂ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਵੀ ਬਚਾਅ ਹੁੰਦਾ ਹੈ। ਮਾਰਕੀਟ ਕਮੇਟੀ ਦੇ ਸਕੱਤਰ ਗੁਰੇਸ਼ ਸਹਿਗਲ ਨੇ ਕਿਸਾਨਾਂ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਰੋਜ਼ਾਨਾ ਖਰੀਦੇ ਝੋਨੇ ਦੀ ਨਾਲੋਂ-ਨਾਲ ਲਿਫਟਿੰਗ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।