- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਮਿਲਣੀਆਂ ਰਾਹੀਂ ਪਿੰਡਾਂ ਦੇ ਵਿਕਾਸ ਨੂੰ ਦੇ ਰਹੇ ਹਾਂ ਤਰਜੀਹ: ਦਿਨੇਸ਼ ਚੱਢਾ

ਦਿਨੇਸ਼ ਹੱਲਣ, ਪੰਜਾਬੀ ਜਾਗਰਣ
ਨੂਰਪੁਰਬੇਦੀ : ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸ਼ੁਰੂ ਕੀਤੀਆਂ ਗਈਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਗੋਬਿੰਦਪੁਰ ਬੇਲਾ ਅਤੇ ਅਮਰਪੁਰ ਬੇਲਾ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਲਈ ਗੋਬਿੰਦਪੁਰ ਬੇਲਾ ਦੀ ਪੰਚਾਇਤ ਨੂੰ 10 ਲੱਖ ਰੁਪਏ ਅਤੇ ਅਮਰਪੁਰ ਬੇਲਾ ਦੀ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ। ਗੋਬਿੰਦਪੁਰ ਬੇਲਾ ਵਿਖੇ ਹੋਈ ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਦਾ ਸਾਦਗੀ ਭਰਿਆ ਅੰਦਾਜ਼ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਉਨ੍ਹਾਂ ਨੇ ਆਮ ਲੋਕਾਂ ਨਾਲ ਦਰੀਆਂ ’ਤੇ ਬੈਠ ਕੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਦੌਰਾਨ ਕਈ ਮਸਲਿਆਂ ਦੇ ਹੱਲ ਲਈ ਮੌਕੇ ’ਤੇ ਹੀ ਲੋੜੀਂਦੇ ਕਦਮ ਚੁੱਕੇ ਗਏ। ਦੋਵਾਂ ਪਿੰਡਾਂ ਵਿੱਚ ਪਿੰਡ ਵਾਸੀਆਂ ਨੇ ਆਪਣੇ ਇਲਾਕਿਆਂ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮੰਗਾਂ ਵੀ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਲੋਕਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਾ ਹਰ ਲੋਕ ਨੁਮਾਇੰਦੇ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕੋਸ਼ਿਸ਼ ਕਰਨੀ ਹੈ। ਉਨ੍ਹਾਂ ਕਿਹਾ ਕਿ ‘ਮੈਂ ਲੋਕਾਂ ਦਾ ਨੁਮਾਇੰਦਾ ਹਾਂ ਅਤੇ ਹਮੇਸ਼ਾ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀ ਸੇਵਾ ਕਰਦਾ ਰਹਾਂਗਾ। ਲੋਕਾਂ ਦਾ ਭਰੋਸਾ ਮੇਰੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਬੇਲੋੜੇ ਦਫ਼ਤਰੀ ਚੱਕਰ ਨਾ ਕੱਟਣੇ ਪੈਣ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮੇਂ ਸਿਰ ਨਿਪਟਾਰਾ ਹੋਵੇ।’ ਵਿਧਾਇਕ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਇਸੇ ਦਿਸ਼ਾ ਵਿੱਚ ਲੋਕ ਮਿਲਣੀਆਂ ਰਾਹੀਂ ਲੋਕਾਂ ਨਾਲ ਸਿੱਧਾ ਸੰਵਾਦ ਕਰ ਕੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।