ਗੁਰਦੁਆਰਾ ਬੋਰਡ ਦੀ ਬਹਾਲੀ ਲਈ ਮਹਾਰਾਸ਼ਟਰ ਸਰਕਾਰ ਨਿਆਇਕ ਹੁਕਮਾਂ ਦੀ ਪਾਲਣਾ ਕਰੇ : ਬਾਬਾ ਬਲਬੀਰ ਸਿੰਘ
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਾ ਬੋਰਡ ਦੀ ਬਹਾਲੀ ਲਈ ਮਹਾਰਾਸ਼ਟਰ ਸਰਕਾਰ ਨਿਆਇਕ ਹੁਕਮਾਂ ਦੀ
Publish Date: Fri, 23 Oct 2026 06:03 PM (IST)
Updated Date: Fri, 23 Oct 2026 06:03 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਗੁਰਦੁਆਰਾ ਬੋਰਡ ਦੀ ਬਹਾਲੀ ਸਬੰਧੀ ਮਾਣਯੋਗ ਉੱਚ ਅਦਾਲਤ, ਖੰਡਪੀਠ ਔਰੰਗਾਬਾਦ ਦੇ ਹੁਕਮਾਂ ਦੀ ਸਮੇਂ-ਬੱਧ ਅਤੇ ਨਿਰਪੱਖ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਮੁੱਚੇ ਸਿੱਖ ਪੰਥ ਦਾ ਪਵਿੱਤਰ ਤਖ਼ਤ ਹੈ, ਜਿਸ ਨਾਲ ਦੇਸ਼-ਵਿਦੇਸ਼ ਦੀ ਸੰਗਤ ਦੀ ਡੂੰਘੀ ਆਸਥਾ ਜੁੜੀ ਹੋਈ ਹੈ। ਇਸ ਲਈ ਗੁਰਦੁਆਰਾ ਬੋਰਡ ਦੀ ਬਹਾਲੀ ਅਤੇ ਨਵੇਂ ਬੋਰਡ ਦੇ ਗਠਨ ਸਬੰਧੀ ਫ਼ੈਸਲੇ ਲੈਂਦਿਆਂ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ, ਪੰਥਕ ਪਰੰਪਰਾਵਾਂ ਅਤੇ ਸੰਵਿਧਾਨਕ ਅਧਿਕਾਰਾਂ ਦਾ ਪੂਰਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਰਾਜਨੀਤਿਕ ਨਜ਼ਰੀਏ ਦੀ ਬਜਾਏ ਨਿਆਂ, ਪਾਰਦਰਸ਼ਤਾ ਅਤੇ ਆਪਸੀ ਸੰਵਾਦ ਰਾਹੀਂ ਹੱਲ ਕਰੇ। ਉਨ੍ਹਾਂ ਜ਼ੋਰ ਦਿੱਤਾ ਕਿ ਸਬੰਧਿਤ ਧਿਰਾਂ ਅਤੇ ਧਾਰਮਿਕ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ ਕਰ ਕੇ ਜਲਦੀ ਨਿਆਂਸੰਗਤ ਫ਼ੈਸਲਾ ਲਿਆ ਜਾਵੇ ਤਾਂ ਜੋ ਸਿੱਖ ਸੰਗਤ ਦਾ ਵਿਸ਼ਵਾਸ ਮਜ਼ਬੂਤ ਹੋਵੇ ਅਤੇ ਤਖ਼ਤ ਸਾਹਿਬ ਦੀ ਮਰਿਆਦਾ ਕਾਇਮ ਰਹੇ।