- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਅਤੇ ਸ਼ਬਦ ਗਾਇਨ

ਪੰਜਾਬੀ ਜਾਗਰਣ ਟੀਮ, ਸ੍ਰੀ ਕੀਰਤਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ ਦੀ ਅਗਵਾਈ ਹੇਠ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ, ਰੋਪੜ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਅਤੇ ਸ਼ਬਦ ਗਾਇਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਨਿਮਰਤਾ, ਸੇਵਾ, ਸਿਮਰਨ ਅਤੇ ਮਨੁੱਖਤਾ ਪ੍ਰਤੀ ਪਿਆਰ ਦੀ ਭਾਵਨਾ ਨਾਲ ਜੋੜਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਜੀ ਦੇ ਜੀਵਨ ’ਤੇ ਸਿੱਖਿਆਵਾਂ ਸਬੰਧੀ ਭਾਸ਼ਣ ਪੇਸ਼ ਕੀਤੇ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ, ਨਿਮਰਤਾ ਧਾਰਨ ਕਰਨ, ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਸਮਾਜ ਵਿੱਚ ਆਪਸੀ ਪਿਆਰ ’ਤੇ ਸਾਂਝ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵਿੱਚ ਗੁਰਮਤਿ ਸਿਧਾਂਤਾਂ ਪ੍ਰਤੀ ਰੁਚੀ ਪੈਦਾ ਕਰਨ ਅਤੇ ਸਿੱਖ ਵਿਰਸੇ ਨਾਲ ਜੋੜਨ ਦੇ ਇਸ ਉਪਰਾਲੇ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਨੂੰ ਵਿਦਿਆਰਥੀਆਂ ਦੇ ਨੈਤਿਕ ਅਤੇ ਅਧਿਆਤਮਿਕ ਵਿਕਾਸ ਲਈ ਮਹੱਤਵਪੂਰਨ ਦੱਸਿਆ। ਇਸ ਤਰ੍ਹਾਂ ਇਹ ਗੁਰਮਤਿ ਸਮਾਗਮ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਸੇਵਾ, ਸਿਮਰਨ ਤੇ ਨਿਮਰਤਾ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕਰਨ ਵਾਲਾ ਸਾਬਤ ਹੋਇਆ।