ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ : ਅਸ਼ਵਨੀ ਸ਼ਰਮਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੋਕਤੰਤਰ ਦੀ ਰਾਖੀ ਲਈ ਕਾਂਗਰਸ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ: ਅਸ਼ਵਨੀ ਸ਼ਰਮਾ
Publish Date: Sat, 24 Oct 2026 04:43 PM (IST)
Updated Date: Sat, 24 Oct 2026 04:46 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਦੇਸ਼ ਦੇ ਲੋਕਤੰਤਰ ਅਤੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਕਾਂਗਰਸ ਵੱਲੋਂ ਚਲਾਈ ਜਾ ਰਹੀ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਅੱਜ ਸ੍ਰੀ ਕੀਰਤਪੁਰ ਸਾਹਿਬ ਤੋਂ ਇਸ ਦੀ ਸ਼ੁਰੂਆਤ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਯੋਗ ਅਗਵਾਈ ’ਚ ਬਲਾਕ ਕਾਂਗਰਸ ਦੇ ਪ੍ਰਧਾਨ ਹਿਮਾਂਸ਼ੂ ਟੰਡਨ ਵੱਲੋਂ ਕੀਤੀ ਗਈ। ਇਸ ਦੌਰਾਨ ਬਾਜ਼ਾਰ ’ਚ ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਕਰਕੇ ਪੈਂਫਲਟ ਵੰਡੇ ਗਏ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਕੀਰਤਪੁਰ ਸਾਹਿਬ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਪਹੁੰਚੇ ਜ਼ਿਲ੍ਹਾ ਰੂਪਨਗਰ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ‘ਇੰਡੀਆ’ ਗੱਠਜੋੜ ਦੇ ਆਗੂ ਦੇਸ਼ ’ਚ ਲੋਕਤੰਤਰ ਦੀ ਰਾਖੀ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦਾ ਇਕਲੌਤਾ ਅਜਿਹਾ ਲੀਡਰ ਹੈ ਜੋ ਕਿ ਲੋਕਤੰਤਰ ਨੂੰ ਬਚਾਉਣ ’ਚ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੰਗਾ ਕਰਨ ’ਚ ਕਾਮਯਾਬ ਹੋਇਆ ਹੈ, ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਚੋਣ ਕਮਿਸ਼ਨ ਜੇਲ ਦੀਆਂ ਸਲਾਖਾਂ ਪਿੱਛੇ ਹੋਵੇਗਾ ਅਤੇ ਭਾਰਤੀ ਲੋਕਤੰਤਰ ਨੂੰ ਬਚਾਉਣ ’ਚ ਰਾਹੁਲ ਗਾਂਧੀ ਕਾਮਯਾਬ ਹੋਣਗੇ ਇਹ ਲੜਾਈ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਰਾਹੁਲ ਗਾਂਧੀ ਲੜ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਅਤੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਕਾਂਗਰਸ ਇਸ ਦੇਸ਼-ਵਿਆਪੀ ਮੁਹਿੰਮ ’ਚ ਰਾਹੁਲ ਗਾਂਧੀ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਘਰ-ਘਰ, ਗਲੀ-ਗਲੀ ਅਤੇ ਮੁਹੱਲੇ-ਮੁਹੱਲੇ ਜਾ ਕੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਲੋਕਤੰਤਰੀ ਹੱਕਾਂ ਦੀ ਰਾਖੀ ਲਈ ਜਾਰੀ ਹੈ ਅਤੇ ਇਸ ਤਹਿਤ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਵੱਡੀ ਰੈਲੀ ਵੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਨਾਗਰਿਕ ਦਾ ਜਾਗਰੂਕ ਹੋਣਾ ਜ਼ਰੂਰੀ ਹੈ ਅਤੇ ਵੋਟ ਦੀ ਆਜ਼ਾਦੀ ’ਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਬਾਜ਼ਾਰ ’ਚ ਲੋਕਾਂ ਨਾਲ ਸੰਪਰਕ ਕਰਕੇ ਮੁਹਿੰਮ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ।ਇਸ ਮੌਕੇ ਸੁਰੇਸ਼ ਮੋਹਣ ਟੰਡਨ, ਦਵਿੰਦਰ ਸਿੰਘ ਸੈਣੀ, ਸੁਰਿੰਦਰ ਮੋਹਣ ਟੰਡਨ, ਨਿਤਿਨ ਕਪਿਲ, ਨਰੇਸ਼ ਕੁਮਾਰ, ਸੰਜੀਵ ਕੁਮਾਰ ਬੱਬੀ ਜੋਸ਼ੀ, ਵਿਸ਼ਾਲ ਅਨੰਦ, ਰਿੰਟਾ ਡੱਬ, ਰਵੀਸ਼ ਧਵਨ, ਮਨੂੰ ਸ਼ਰਮਾ, ਅਭਿਸ਼ੇਕ ਧਵਨ,ਗੋਲੂ ਬੇਦੀ, ਮਾਧਵ, ਅਭਿਨਵ ਟੰਡਨ, ਮਲਕੀਤ ਸਿੰਘ, ਭੁਪਿੰਦਰ ਸਿੰਘ ਸੈਣੀ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਹਾਜ਼ਰ ਸਨ ।