ਇਨਸਾਫ਼ ਲਈ ਲੜ ਰਹੇ ਅਧਿਆਪਕਾਂ ਦਾ ਧਰਨਾ 6ਵੇਂ ਦਿਨ ’ਚ ਦਾਖਲ ਇਨਸਾਫ ਲਈ ਲੜ ਰਹੇ ਅਧਿਆਪਕਾਂ ਦਾ ਧਰਨਾ ਛੇਵੇਂ ਦਿਨ ਵਿੱਚ ਦਾਖਲ
Publish Date: Sat, 24 Oct 2026 06:29 PM (IST)
Updated Date: Sat, 24 Oct 2026 06:31 PM (IST)
ਸਿੱਖਿਆ ਮੰਤਰੀ ਦੇ ਪਿੰਡ ਲੱਗਾ ਪੱਕਾ ਧਰਨਾ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ: 4161 ਮਾਸਟਰ ਕਾਡਰ ਭਰਤੀ ਦੇ 253 ਅਧਿਆਪਕਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਇਆ ਗਿਆ ਪੱਕਾ ਧਰਨਾ ਛੇਵੇਂ ਦਿਨ ’ਚ ਦਾਖਲ ਹੋ ਗਿਆ ਹੈ। ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਦਿਨ-ਰਾਤ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਦੌਰਾਨ ਜਾਣਕਾਰੀ ਦਿੰਦਿਆਂ ਬੁਲਾਰਿਆਂ ਦਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਨੀਵਰਸਿਟੀਆਂ ਦੇ ਮਾਹਰ ਪ੍ਰੋਫੈਸਰਾਂ ਵੱਲੋਂ ਤਿਆਰ ਕੀਤੀ ਉੱਤਰ ਕੁੰਜੀ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੀ ਥਾਂ ਨਾਈਲਟ ਕੰਪਨੀ ਵੱਲੋਂ ਤਿਆਰ ਕੀਤੀ ਗਈ ਤਰੁੱਟੀਆਂ ਭਰੀ ਉੱਤਰ ਕੁੰਜੀ ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਨ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ 253 ਅਧਿਆਪਕਾਂ ਨੂੰ ਮਈ 2026 ’ਚ ਸੇਵਾਵਾਂ ਖਤਮ ਕਰਨ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਇਸ ਮਾਮਲੇ ਨੂੰ ਲਗਭਗ ਸਾਢੇ ਪੰਜ ਮਹੀਨੇ ਬੀਤ ਜਾਣ ਦੇ ਬਾਵਜੂਦ ਅਧਿਆਪਕਾਂ ਨੂੰ ਇਨਸਾਫ ਨਹੀਂ ਮਿਲਿਆ। ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਅਤੇ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ’ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕ੍ਰਿਸ਼ਨ ਕੁਮਾਰ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ।