ਸ੍ਰੀ ਕੀਰਤਪੁਰ ਸਾਹਿਬ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕਰਾਂਗੇ : ਡਾ. ਸੁਭਾਸ਼ ਸ਼ਰਮਾ ਸ੍ਰੀ ਕੀਰਤਪੁਰ ਸਾਹਿਬ ਦੇ ਵਿਕਾਸ ਨਾਲ ਜੁੜੇ ਸਾਰੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ
Publish Date: Sat, 24 Oct 2026 06:46 PM (IST)
Updated Date: Sat, 24 Oct 2026 06:49 PM (IST)
2027 ਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਲਈ ਵਰਕਰਾਂ ਨੇ ਲਿਆ ਸੰਕਲਪ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਭਾਜਪਾ ਕੀਰਤਪੁਰ ਸਾਹਿਬ ਮੰਡਲ ਦੀ ਕਾਰਜਕਾਰਨੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਖੇਤਰ ਦੇ ਵਿਕਾਸ, ਬੁਨਿਆਦੀ ਸਹੂਲਤਾਂ ਅਤੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨਾਲ ਜੁੜੇ ਸਾਰੇ ਅਹਿਮ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਪੱਖੋਂ ਮਹੱਤਵਪੂਰਨ ਇਸ ਖੇਤਰ ਦੀਆਂ ਲੋੜਾਂ ਨੂੰ ਢੁੱਕਵੇਂ ਮੰਚ ’ਤੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਪਿੰਡ-ਪਿੰਡ ਜਾ ਕੇ ਆਪ ਸਰਕਾਰ ਦੀਆਂ ਨਾਕਾਮੀਆਂ ਉਜਾਗਰ ਕਰੇਗੀ ਭਾਜਪਾ ਡਾ. ਸ਼ਰਮਾ ਨੇ ਕਿਹਾ ਕਿ ਭਾਜਪਾ ਦੇ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਰਨਗੇ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਵਾਅਦਿਆਂ ਤੇ ਕਾਰਗੁਜ਼ਾਰੀ ਬਾਰੇ ਲੋਕਾਂ ਨੂੰ ਤੱਥਾਂ ਦੇ ਆਧਾਰ ’ਤੇ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਹੋਏ ਕੰਮਾਂ ਵਿਚਲੇ ਫ਼ਰਕ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ। ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਨਸ਼ਾ ਤਸਕਰੀ ਵਿਰੁੱਧ ਕਾਰਵਾਈ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਦੇ ਮਾਮਲਿਆਂ ਨੂੰ ਉਠਾਇਆ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਸਾਹਮਣੇ ਆਉਣ ਵਾਲੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾਵੇਗੀ। 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਸੰਕਲਪ ਮੀਟਿੰਗ ਦੌਰਾਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਜਥੇਬੰਦਕ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਸ਼ਰਮਾ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ, ਸਥਾਨਕ ਮੁੱਦਿਆਂ ’ਤੇ ਜਨ ਸੰਪਰਕ ਵਧਾਉਣ ਅਤੇ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੀ ਅਪੀਲ ਕੀਤੀ। ਮੀਟਿੰਗ ’ਚ ਹਾਜ਼ਰ ਵਰਕਰਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਜਿੱਤ ਦੇ ਟੀਚੇ ਨੂੰ ਮੁੱਖ ਰੱਖਦਿਆਂ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਜਤਿੰਦਰ ਅਟਵਾਲ, ਜ਼ਿਲ੍ਹਾ ਜਨਰਲ ਸਕੱਤਰ ਰਮਨ ਜਿੰਦਲ, ਅਰਵਿੰਦ ਮਿੱਤਲ, ਮੰਡਲ ਪ੍ਰਧਾਨ ਸੁਬੇਗ ਸਿੰਘ, ਕਿਸ਼ਨ ਸਿੰਘ ਸੂਬਾ, ਗੁਰਚਰਨ ਸ਼ਾਦੀ ਸਮੇਤ ਪਾਰਟੀ ਦੇ ਹੋਰ ਪ੍ਰਮੁੱਖ ਆਗੂ ਅਤੇ ਵਰਕਰ ਹਾਜ਼ਰ ਸਨ।