ਤੀਰਥ ਯਾਤਰਾ ਸਕੀਮ ਤਹਿਤ ਪਿੰਡ ਥਾਣਾ ਤੋਂ ਬੱਸ ਰਵਾਨਾ ਪਿੰਡ ਥਾਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਾਰਮਿਕ ਸਥਾਨਾਂ ਲਈ ਬੱਸ ਰਵਾਨਾ
Publish Date: Sun, 25 Oct 2026 04:05 PM (IST)
Updated Date: Sun, 25 Oct 2026 04:07 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖੇਤਰ ਦੇ ਪਿੰਡ ਥਾਣਾ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਯਾਤਰਾ ’ਤੇ ਜਾਣ ਵਾਲੀਆਂ ਸੰਗਤਾਂ ਨੂੰ ਸ਼ੁਭਕਾਮਨਾਵਾਂ ਭੇਟ ਕਰਦਿਆਂ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਸੰਗਤਾਂ ਵਿੱਚ ਧਾਰਮਿਕ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਉਦੇਸ਼ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ, ਤਾਂ ਜੋ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਆਪਣੀ ਧਾਰਮਿਕ ਯਾਤਰਾ ਪੂਰੀ ਕਰ ਸਕਣ। ਅਜਿਹੀਆਂ ਯੋਜਨਾਵਾਂ ਰਾਹੀਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਵਿੱਚ ਸਹੂਲਤ ਮਿਲਦੀ ਹੈ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਬਲ ਮਿਲਦਾ ਹੈ। ਉਨ੍ਹਾਂ ਨੇ ਯਾਤਰਾ ’ਤੇ ਜਾ ਰਹੀਆਂ ਸੰਗਤਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕਰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਪਣੀ ਆਸਥਾ ਨਾਲ ਜੁੜਨ ਅਤੇ ਆਤਮਿਕ ਸ਼ਾਂਤੀ ਪ੍ਰਾਪਤ ਕਰਨ ਦਾ ਮੌਕਾ ਦਿੰਦੀਆਂ ਹਨ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਆਪਸੀ ਸਹਿਯੋਗ ਅਤੇ ਅਨੁਸ਼ਾਸਨ ਬਣਾਈ ਰੱਖਣ ਅਤੇ ਯਾਤਰਾ ਦਾ ਭਰਪੂਰ ਲਾਭ ਉਠਾਉਣ। ਪਿੰਡ ਥਾਣਾ ਤੋਂ ਬੱਸ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਯਾਤਰਾ ’ਤੇ ਜਾਣ ਵਾਲੀਆਂ ਸੰਗਤਾਂ ਨੇ ਇਸ ਉਪਰਾਲੇ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਮਤੀ ਮੈਂਬਰ ਤਿਲਕ ਰਾਜ ਪੰਮਾ ਤੋਂ ਇਲਾਵਾ ਯਾਤਰਾ ’ਤੇ ਜਾਣ ਵਾਲੀਆਂ ਸੰਗਤਾਂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।