ਪੰਜਾਬ ਸਰਕਾਰ ਦੇ ਤਸ਼ੱਦਦ ਖ਼ਿਲਾਫ਼ ਸੜ੍ਹਕਾਂ ’ਤੇ ਉਤਰੇਗੀ ਜ਼ਿਲ੍ਹਾ ਕਾਂਗਰਸ : ਅਸ਼ਵਨੀ ਸ਼ਰਮਾ ਪੰਜਾਬ ਸਰਕਾਰ ਦੇ ਤਸ਼ੱਦਦ ਖ਼ਿਲਾਫ਼ ਸੜਕਾਂ ’ਤੇ ਉਤਰੇਗੀ ਜ਼ਿਲ੍ਹਾ ਕਾਂਗਰਸ : ਅਸ਼ਵਨੀ ਸ਼ਰਮਾ
Publish Date: Sun, 25 Oct 2026 05:59 PM (IST)
Updated Date: Sun, 25 Oct 2026 06:01 PM (IST)
ਨਸ਼ਾ, ਵਿਗੜਦੀ ਕਾਨੂੰਨ ਵਿਵਸਥਾ ਤੇ ਖਸਤਾ ਸੜਕਾਂ ਦਾ ਮੁੱਦਾ ਉੱਠਿਆ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਵੱਲੋਂ ਸ਼ਿਵ ਮੰਦਰ ਵਿਖੇ ਬਲਾਕ ਪ੍ਰਧਾਨ ਐਡਵੋਕੇਟ ਨਰਿੰਦਰ ਪ੍ਰਸ਼ਾਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਲੋਕ ਨਸ਼ਿਆਂ, ਗੁੰਡਾਗਰਦੀ ਅਤੇ ਸਰਕਾਰ ਦੀ ਕਥਿਤ ਅਣਗਹਿਲੀ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਂਗਰਸ ਲੋਕਾਂ ਦੇ ਹੱਕਾਂ ਲਈ ਚੁੱਪ ਨਹੀਂ ਬੈਠੇਗੀ ਅਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਨੂਰਪੁਰਬੇਦੀ ਅਤੇ ਆਸ-ਪਾਸ ਦੇ ਪਿੰਡਾਂ ’ਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਫਿਰੌਤੀਆਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਅਤੇ ਵਪਾਰੀਆਂ ’ਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਜਾਰੀ ਰੱਖੇਗੀ। ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਬਲਾਕ ਕਾਂਗਰਸ ਕਮੇਟੀ ਵੱਲੋਂ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ’ਚ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਅਤੇ ਧਰਨਾ ਦਿੱਤਾ ਜਾਵੇਗਾ। ਬਲਾਕ ਪ੍ਰਧਾਨ ਐਡਵੋਕੇਟ ਨਰਿੰਦਰ ਪ੍ਰਸ਼ਾਰ ਨੇ ਨੂਰਪੁਰਬੇਦੀ ਖੇਤਰ ਦੀਆਂ ਖਸਤਾ ਸੜਕਾਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸੜਕਾਂ ਦੀ ਮਾੜੀ ਹਾਲਤ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਮੀਟਿੰਗ ਦੌਰਾਨ ਬਿਜਲੀ, ਪਾਣੀ, ਸਿਹਤ ਸਹੂਲਤਾਂ ਅਤੇ ਕਿਸਾਨਾਂ ਨਾਲ ਸਬੰਧਤ ਸਮੱਸਿਆਵਾਂ ’ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮਾਸਟਰ ਜਗਨ ਨਾਥ ਭੰਡਾਰੀ, ਰਵਨੀਤ ਕੰਗ, ਹਰਪਾਲ ਸਿੰਘ ਸੰਘਾ, ਅਸ਼ੋਕ ਸਰਪੰਚ, ਬਲਵਿੰਦਰ ਢੀਂਡਸਾ, ਕਸ਼ਮੀਰ ਧੀਮਾਨ, ਯੂਥ ਆਗੂ ਜਗਮੋਹਨ ਜੱਗਾ, ਰੌਸ਼ਨ ਲਾਲ, ਜਿੰਦਾ ਗਿੱਲ, ਗੌਰਵ ਕਾਲੜਾ, ਨਰਾਤਾ ਰਾਮ, ਸੁਰਿੰਦਰ ਰਾਣਾ, ਬਿਕਰਮ ਪਟਵਾਰੀ, ਗੁਲਜ਼ਾਰੀ ਲਾਲ, ਵਿਸ਼ਾਲ ਸਰਪੰਚ ਅਤੇ ਐਡਵੋਕੇਟ ਗਗਨ ਸ਼ਰਮਾ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ, ਸਰਪੰਚ, ਪੰਚ ਅਤੇ ਇਲਾਕਾ ਵਾਸੀ ਹਾਜ਼ਰ ਸਨ।