ਤੇਜ਼ ਰਫ਼ਤਾਰ ਟਰੱਕ ਨੇ ਲਈ 27 ਸਾਲਾਂ ਨੌਜਵਾਨ ਦੀ ਜਾਨ ਨੰਗਲ ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਤੇਜ਼ ਰਫ਼ਤਾਰ ਟਰੱਕ ਨੇ ਲਈ 27 ਸਾਲਾ ਨੌਜਵਾਨ ਦੀ ਜਾਨ
Publish Date: Sun, 25 Oct 2026 06:31 PM (IST)
Updated Date: Sun, 25 Oct 2026 06:34 PM (IST)
ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ ਗੁਰਨਾਮ ਸਿੰਘ ਭੱਲੜੀ,ਪੰਜਾਬੀ ਜਾਗਰਣ, ਨੰਗਲ: ਨੰਗਲ-ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਐੱਮ.ਪੀ. ਕੋਠੀ ਦੇ ਨੇੜੇ ਅੱਜ ਸਵੇਰੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ’ਚ 27 ਸਾਲਾ ਨੌਜਵਾਨ ਸੌਰਭ ਦੀ ਮੌਤ ਹੋ ਗਈ। ਮ੍ਰਿਤਕ ਦੋ ਛੋਟੇ ਬੱਚਿਆਂ ਦਾ ਪਿਤਾ ਸੀ ਅਤੇ ਨੰਗਲ ਦੇ ਜੀ-ਬਲਾਕ ਦਾ ਰਹਿਣ ਵਾਲਾ ਸੀ। ਇਸ ਦਰਦਨਾਕ ਹਾਦਸੇ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 7 ਵਜੇ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਦੇ ਚਾਲਕ ਨੇ ਦੂਜੇ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਟਰੱਕ ਨੇ ਮਾਤਾ ਬਗਲਾ ਮੁੱਖੀ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਚੰਡੀਗੜ੍ਹ ਜਾ ਰਹੀ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਟਰੱਕ ਸੜਕ ਦੇ ਵਿਚਕਾਰ ਪਲਟ ਗਿਆ। ਹਾਦਸੇ ਦੌਰਾਨ ਕਾਰ ’ਚ ਸਵਾਰ ਇੱਕ ਔਰਤ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਕਾਰ ਦੇ ਸਾਰੇ ਏਅਰਬੈਗ ਖੁੱਲ੍ਹ ਜਾਣ ਕਾਰਨ ਸਵਾਰੀਆਂ ਨੂੰ ਵੱਡੀ ਸੱਟ ਤੋਂ ਕੁਝ ਹੱਦ ਤੱਕ ਬਚਾਅ ਹੋ ਗਿਆ। ਇਸੇ ਦੌਰਾਨ ਸੜਕ ਕਿਨਾਰੇ ਆਪਣੇ ਮੋਟਰਸਾਈਕਲ ’ਤੇ ਖੜ੍ਹਾ ਸੌਰਭ ਵੀ ਹਾਦਸੇ ਦੀ ਲਪੇਟ ’ਚ ਆ ਗਿਆ ਅਤੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਗਣੇਸ਼ ਅਤੇ ਮੋਟਰਸਾਈਕਲ ਸਵਾਰ ਸੌਰਭ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇੱਥੇ ਡਾਕਟਰਾਂ ਨੇ ਸੌਰਭ ਨੂੰ ਮ੍ਰਿਤਕ ਐਲਾਨ ਦਿੱਤਾ, ਜਦ ਕਿ ਟਰੱਕ ਚਾਲਕ ਗਣੇਸ਼ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ ਗਿਆ। ਕਾਰ ’ਚ ਸਵਾਰ ਜ਼ਖ਼ਮੀਆਂ ਨੂੰ ਇਲਾਜ ਲਈ ਕਿੱਥੇ ਲਿਜਾਇਆ ਗਿਆ, ਇਸ ਸਬੰਧੀ ਤੁਰੰਤ ਜਾਣਕਾਰੀ ਨਹੀਂ ਮਿਲ ਸਕੀ। ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰੀਤਮ ਸਿੰਘ ਨੇ ਦੱਸਿਆ ਕਿ ਹਾਦਸੇ ’ਚ ਟਰੱਕ ਸੜਕ ਦੇ ਵਿਚਕਾਰ ਪਲਟ ਗਿਆ ਅਤੇ ਕਾਰ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ। ਸੜਕ ਕਿਨਾਰੇ ਮੋਟਰਸਾਈਕਲ ਵੀ ਡਿੱਗਿਆ ਹੋਇਆ ਮਿਲਿਆ ਅਤੇ ਉਸ ਦੇ ਚਾਲਕ ਸੌਰਭ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।