ਆਉਣ ਵਾਲੇ ਦਿਨਾਂ ’ਚ ਹੋਵੇਗੀ ਵੱਡੀ ਸਿਆਸੀ ਹਲਚਲ ਆਉਣ ਵਾਲੇ ਦਿਨਾਂ ਵਿੱਚ ਹੋਵੇਗੀ ਵੱਡੀ ਸਿਆਸੀ ਹਲਚਲ
Publish Date: Mon, 26 Oct 2026 04:01 PM (IST)
Updated Date: Mon, 26 Oct 2026 04:04 PM (IST)
ਹਲਕਾ ਸ੍ਰੀ ਅਨੰਦਪੁਰ ਸਾਹਿਬ ਬਣਿਆ ਰਾਜਨੀਤੀ ਦਾ ਗੜ੍ਹ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ’ਚ ਆਉਣ ਵਾਲੇ ਦਿਨਾਂ ਦੌਰਾਨ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲ ਸਕਦੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੇ ਜਾਣ ਕਾਰਨ ਹਲਕੇ ਦਾ ਸਿਆਸੀ ਮਾਹੌਲ ਗਰਮਾਉਣ ਲੱਗਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੀਆਂ ਸਰਗਰਮੀਆਂ ਅਤੇ ਆਪਸੀ ਸਿਆਸੀ ਸਮੀਕਰਨ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਬੀਤੇ ਦਿਨੀਂ ਸੇਵਾਮੁਕਤ ਆਈ.ਜੀ. ਦਲਜੀਤ ਸਿੰਘ ਰਾਣਾ ਵੱਲੋਂ ਇਕੱਠ ਕਰਕੇ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕੀਤਾ ਗਿਆ ਸੀ। ਹੁਣ ਉਨ੍ਹਾਂ ਦੇ ਨੇੜਲੇ ਸਾਥੀ ਕੁਲਵੰਤ ਸਿੰਘ ਬਾਠ ਨੇ ਹਲਕੇ ’ਚ ਪੰਜ ਹਜ਼ਾਰ ਲੋਕਾਂ ਦਾ ਵਿਸ਼ਾਲ ਇਕੱਠ ਕਰਨ ਦਾ ਐਲਾਨ ਕਰਕੇ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਸੰਕੇਤ ਦਿੱਤੇ ਹਨ। ਇਸ ਇਕੱਠ ਰਾਹੀਂ ਲੋਕਾਂ ਦੀ ਰਾਏ ਜਾਣਨ ਦੇ ਨਾਲ-ਨਾਲ ਇਲਾਕੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਅਤੇ ਭਵਿੱਖ ਦੀ ਸਿਆਸੀ ਦਿਸ਼ਾ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕੁਲਵੰਤ ਸਿੰਘ ਬਾਠ ਨੇ ਸਥਾਨਕ ਉਮੀਦਵਾਰ ਦੀ ਵਕਾਲਤ ਕਰਦਿਆਂ ਸਪੱਸ਼ਟ ਕੀਤਾ ਕਿ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਲੋੜਾਂ ਨੂੰ ਸਮਝਣ ਵਾਲੇ ਸਥਾਨਕ ਆਗੂ ਨੂੰ ਹੀ ਅੱਗੇ ਲਿਆਂਦਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਹਾਲਤ ’ਚ ਬਾਹਰਲੇ ਉਮੀਦਵਾਰ ਨੂੰ ਸਵੀਕਾਰ ਨਹੀਂ ਕਰਨਗੇ ਅਤੇ ਸਥਾਨਕ ਉਮੀਦਵਾਰ ਨੂੰ ਜਿਤਾ ਕੇ ਵਿਧਾਨ ਸਭਾ ’ਚ ਭੇਜਣ ਲਈ ਯਤਨ ਕਰਨਗੇ। ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਬਾਠ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਪੰਜਾਬ ਜੈਨਕੋ ਲਿਮਟਿਡ ਦੇ ਸਾਬਕਾ ਵਾਈਸ ਚੇਅਰਮੈਨ ਰਹਿ ਚੁੱਕੇ ਹਨ। ਉਨ੍ਹਾਂ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਹਲਕੇ ’ਚ ਸਿਆਸੀ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ। ਹੁਣ ਪੰਜ ਹਜ਼ਾਰ ਲੋਕਾਂ ਦੇ ਇਕੱਠ ਦੇ ਐਲਾਨ ਨੂੰ ਉਨ੍ਹਾਂ ਦੀ ਅਗਲੀ ਸਿਆਸੀ ਰਣਨੀਤੀ ਦੇ ਅਹਿਮ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ। ਦਲਜੀਤ ਸਿੰਘ ਰਾਣਾ ਨਾਲ ਆਪਣੇ ਸਬੰਧਾਂ ਬਾਰੇ ਗੱਲ ਕਰਦਿਆਂ ਬਾਠ ਨੇ ਕਿਹਾ ਕਿ ਰਾਣਾ ਉਨ੍ਹਾਂ ਦੇ ਸਾਥੀ ਹਨ ਅਤੇ ਦੋਵੇਂ ਇਕਜੁੱਟ ਹਨ। ਇਸ ਬਿਆਨ ਨਾਲ ਉਨ੍ਹਾਂ ਨੇ ਦੋਵਾਂ ਆਗੂਆਂ ਵਿਚਕਾਰ ਸਿਆਸੀ ਸਾਂਝ ਬਣੀ ਹੋਣ ਦਾ ਸਪੱਸ਼ਟ ਸੰਕੇਤ ਦਿੱਤਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਇਹ ਵਿਸ਼ਾਲ ਇਕੱਠ ਕਦੋਂ ਹੁੰਦਾ ਹੈ ਅਤੇ ਇਸ ਦੌਰਾਨ ਹਲਕੇ ਦੀ ਰਾਜਨੀਤੀ ਨੂੰ ਲੈ ਕੇ ਕੀ ਨਵੇਂ ਐਲਾਨ ਕੀਤੇ ਜਾਂਦੇ ਹਨ। ਆਉਣ ਵਾਲੇ ਦਿਨਾਂ ’ਚ ਸ੍ਰੀ ਅਨੰਦਪੁਰ ਸਾਹਿਬ ਦੀ ਸਿਆਸਤ ’ਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।