ਵਾਲਮੀਕ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਚੱਢਾ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ ਵਾਲਮੀਕ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਨਾਲ ਬੈਠ ਕੇ ਸੁਣੀਆਂ ਮੁਸ਼ਕਿਲਾਂ
Publish Date: Mon, 26 Oct 2026 04:58 PM (IST)
Updated Date: Mon, 26 Oct 2026 05:01 PM (IST)
ਵੈਰ-ਵਿਰੋਧ ਤਿਆਗ ਕੇ ਇਲਾਕੇ ਦੀ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦਾ ਲਿਆ ਅਹਿਦ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਵਾਲਮੀਕ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਖੇਤਰ ਦੇ ਪਿੰਡ ਸਮੀਰੋਵਾਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਵਾਲਮੀਕ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਬੜੀ ਸਾਦਗੀ ਨਾਲ ਬੈਠ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਵਾਲਮੀਕ ਮਹਾਰਾਜ ਜੀ ਦਾ ਪ੍ਰਗਟ ਦਿਵਸ ਸਾਨੂੰ ਆਪਸੀ ਪਿਆਰ, ਭਾਈਚਾਰਕ ਸਾਂਝ, ਸਮਾਨਤਾ ਅਤੇ ਮਿਲਵਰਤਣ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਾਨੂੰ ਸਮਾਜ ਵਿੱਚ ਏਕਤਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਸ ਪਵਿੱਤਰ ਦਿਹਾੜੇ ’ਤੇ ਇਹ ਅਹਿਦ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਇਲਾਕੇ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਹਮੇਸ਼ਾ ਮਿਲਜੁਲ ਕੇ ਕੰਮ ਕਰਾਂਗੇ। ਆਪਸੀ ਵੈਰ-ਵਿਰੋਧ ਅਤੇ ਮਤਭੇਦਾਂ ਨੂੰ ਪਾਸੇ ਰੱਖ ਕੇ ਸਮਾਜ ਦੀ ਬਿਹਤਰੀ ਅਤੇ ਇਲਾਕੇ ਦੇ ਵਿਕਾਸ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਜਨਤਕ ਜੀਵਨ ਦੀ ਅਹਿਮ ਜ਼ਿੰਮੇਵਾਰੀ ਹੈ। ਵਿਧਾਇਕ ਨੇ ਕਿਹਾ ਕਿ ਸਮਾਜ ਦੀ ਅਸਲ ਤਰੱਕੀ ਉਦੋਂ ਹੀ ਸੰਭਵ ਹੈ, ਜਦੋਂ ਹਰ ਵਰਗ ਦੇ ਲੋਕ ਆਪਸੀ ਸਹਿਯੋਗ ਨਾਲ ਅੱਗੇ ਵਧਣ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ। ਉਨ੍ਹਾਂ ਨੇ ਲੋਕਾਂ ਨੂੰ ਮਹਾਨ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਧਾਰਮਿਕ ਸ਼ਰਧਾ ਅਤੇ ਆਪਸੀ ਸਾਂਝ ਦਾ ਮਾਹੌਲ ਦੇਖਣ ਨੂੰ ਮਿਲਿਆ।