ਔਰਤਾਂ ਦੀ ਭਾਗੀਦਾਰੀ ਨਾਲ ਪਿੰਡਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ : ਨੀਸ਼ਾ ਚੱਢਾ ਔਰਤਾਂ ਦੀ ਭਾਗੀਦਾਰੀ ਨਾਲ ਪਿੰਡਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ : ਨੀਸ਼ਾ ਚੱਢਾ
Publish Date: Mon, 26 Oct 2026 05:01 PM (IST)
Updated Date: Mon, 26 Oct 2026 05:04 PM (IST)
ਸਖੀਆਂ ਨਾਲ ਕੀਤੀ ਲੋਕ ਭਲਾਈ ਯੋਜਨਾਵਾਂ ਬਾਰੇ ਚਰਚਾ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨੀਸ਼ਾ ਚੱਢਾ ਨੇ ਨੂਰਪੁਰਬੇਦੀ ਸਥਿਤ ਵਿਧਾਇਕ ਦੇ ਦਫ਼ਤਰ ਵਿਖੇ ਬਲਾਕ ਨੂਰਪੁਰਬੇਦੀ ਦੇ ਗਰੁੱਪ-8 ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਔਰਤਾਂ ਦੀ ਭਲਾਈ, ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਅਬਿਆਣਾ ਕਲਾਂ, ਅਬਿਆਣਾ ਖੁਰਦ, ਬਟਾਰਲਾ, ਦਹੀਰਪੁਰ, ਹਰੀਪੁਰ, ਫੂਲੜੇ, ਮਾਧੋਪੁਰ ਅਤੇ ਨੰਗਲ ਸਮੇਤ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਨੀਸ਼ਾ ਚੱਢਾ ਨੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਔਰਤਾਂ ਦੀਆਂ ਲੋੜਾਂ, ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸਮਝ ਕੇ ਹੀ ਲੋਕ ਭਲਾਈ ਦੇ ਉਪਰਾਲਿਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਖੀਆਂ ਨੂੰ ਆਪਣੇ ਆਲੇ-ਦੁਆਲੇ ਦੀਆਂ ਔਰਤਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨ ਅਤੇ ਸਮਾਜਿਕ ਕਾਰਜਾਂ ’ਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਜ਼ਰੂਰੀ ਹੈ। ਇਸ ਲਈ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਹਿਮ ਹੈ। ਨੀਸ਼ਾ ਚੱਢਾ ਨੇ ਹਲਕਾ ਰੂਪਨਗਰ ’ਚ ਵਿਧਾਇਕ ਦਿਨੇਸ਼ ਚੱਢਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਨੂੰ ਤਰਜੀਹ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੇ ਸਹਿਯੋਗ ਅਤੇ ਸੁਝਾਵਾਂ ਦੀ ਅਹਿਮ ਭੂਮਿਕਾ ਹੈ। ਮੀਟਿੰਗ ਦੌਰਾਨ ਸਖੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਔਰਤਾਂ ਦੀ ਭਲਾਈ, ਪਿੰਡਾਂ ਦੀਆਂ ਲੋੜਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।