ਬਰਿੰਦਰ ਸਿੰਘ ਢਿੱਲੋਂ ਵੱਲੋਂ ਵਾਲਮੀਕਿ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਦਾ ਉਦਘਾਟਨ ਬਰਿੰਦਰ ਸਿੰਘ ਢਿੱਲੋਂ ਨੇ ਨੂਰਪੁਰ ਬੇਦੀ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਦਾ ਕੀਤਾ ਉਦਘਾਟਨ
Publish Date: Mon, 26 Oct 2026 06:36 PM (IST)
Updated Date: Mon, 26 Oct 2026 06:37 PM (IST)
ਸਮਾਜ ’ਚ ਆਪਸੀ ਪਿਆਰ, ਭਾਈਚਾਰਾ ਤੇ ਸਮਾਨਤਾ ਦੀਆਂ ਸਿੱਖਿਆਵਾਂ ਨੂੰ ਅਪਣਾਉਣਾ ਸਮੇਂ ਦੀ ਲੋੜ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਾਵਨ ਪ੍ਰਗਟ ਦਿਵਸ ਦੇ ਸ਼ੁਭ ਮੌਕੇ ’ਤੇ ਗ੍ਰਾਮ ਪੰਚਾਇਤ ਤੇ ਨੌਜਵਾਨ ਵਾਲਮੀਕਿ ਸਭਾ ਵੱਲੋਂ ਵਾਲਮੀਕਿ ਮੰਦਰ, ਨੂਰਪੁਰ ਬੇਦੀ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਧਾਰਮਿਕ ਸਮਾਗਮ ’ਚ ਕਾਂਗਰਸ ਪਾਰਟੀ ਦੇ ਹਲਕਾ ਰੂਪਨਗਰ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਤੇ ਸ਼ੋਭਾ ਯਾਤਰਾ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਰਹੇ। ਸ਼ੋਭਾ ਯਾਤਰਾ ਦੌਰਾਨ ਸੰਗਤਾਂ ’ਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਜੈਕਾਰਿਆਂ ਦੀ ਗੂੰਜ ’ਚ ਇਹ ਸ਼ੋਭਾ ਯਾਤਰਾ ਨੂਰਪੁਰ ਬੇਦੀ ਦੇ ਮੁੱਖ ਬਾਜ਼ਾਰ ਵਿੱਚੋਂ ਹੁੰਦੀ ਹੋਈ ਅੱਗੇ ਵਧੀ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ ਅਤੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਚਰਨਾਂ ’ਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਸਮਾਜ ਨੂੰ ਸੱਚਾਈ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਂਦਿਆਂ ਸਮਾਜ ਵਿੱਚੋਂ ਭੇਦਭਾਵ ਦੂਰ ਕਰਨ ਅਤੇ ਆਪਸੀ ਪਿਆਰ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਵੀ ਦਿੱਤੀਆਂ। ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਬਰਿੰਦਰ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਪ੍ਰਬੰਧਕਾਂ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਅਜਿਹੇ ਧਾਰਮਿਕ ਸਮਾਗਮਾਂ ਨੂੰ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਾਲਾ ਦੱਸਿਆ।