ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼ਰਧਾ ’ਤੇ ਸਤਿਕਾਰ ਨਾਲ ਮਨਾਇਆ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
Publish Date: Tue, 27 Oct 2026 03:51 PM (IST)
Updated Date: Tue, 27 Oct 2026 03:52 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਗੁਰਦੁਆਰਾ ਸੀਸ ਮਹਿਲ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਹੋਈ, ਜਿਸ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਜਗਦੀਪ ਸਿੰਘ ਅਤੇ ਭਾਈ ਹਰਭਜਨ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਪਾਤਾਲਪੁਰੀ ਸਾਹਿਬ ਦੇ ਕੀਰਤਨੀ ਜਥੇ ਨੇ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਗੁਰਦੁਆਰਾ ਸ੍ਰੀ ਪਾਤਾਲਪੁਰੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਖ਼ਸ਼ੀਸ਼ ਸਿੰਘ ਅਤੇ ਗਿਆਨੀ ਭਜਨ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਦੇ ਮੈਨੇਜਰ ਭਾਈ ਸੁਖਵੀਰ ਸਿੰਘ ਕਲਮਾ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਜਰਨੈਲ ਸਿੰਘ, ਸੁਖਦੇਵ ਸਿੰਘ ਰਾਣਾ, ਭਾਈ ਭੁਪਿੰਦਰ ਸਿੰਘ ਇੰਚਾਰਜ ਰਾਗੀ, ਗੁਰਪ੍ਰੀਤ ਸਿੰਘ ਭੋਗਲ, ਸੁਰਿੰਦਰ ਸਿੰਘ ਰਾਜਾ, ਹਾਕਮ ਸਿੰਘ ਅਤੇ ਸਤਿਸੰਗ ਸਭਾ ਸ੍ਰੀ ਕੀਰਤਪੁਰ ਸਾਹਿਬ ਦੀਆਂ ਬੀਬੀਆਂ ਸਮੇਤ ਸੰਗਤਾਂ ਹਾਜ਼ਰ ਸਨ।