ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Publish Date: Tue, 27 Oct 2026 04:28 PM (IST)
Updated Date: Tue, 27 Oct 2026 04:31 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ਼੍ਰੀ ਕੀਰਤਪੁਰ ਸਾਹਿਬ : ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ (ਬੀਬੀ ਮੂਲਾਂ ਦੇਵੀ ਖਾਲਸਾ ਪਬਲਿਕ ਸਕੂਲ) ਕੀਰਤਪੁਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਪਾਠ ਦੀ ਸਮਾਪਤੀ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਕੀਤੇ ਕਾਰਜਾਂ ਬਾਰੇ ਭਾਸ਼ਣ ਦਿੱਤੇ ਗਏ ਅਤੇ ਗੁਰੂ ਸਾਹਿਬ ਦੀ ਮਹਿਮਾ ਨਾਲ ਸਬੰਧਤ ਕਵਿਤਾਵਾਂ ਵੀ ਪੜ੍ਹੀਆਂ ਗਈਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਆਸ਼ਾ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਬਾਣੀ ਸਾਨੂੰ ਸੇਵਾ, ਨਿਮਰਤਾ, ਸਹਿਣਸ਼ੀਲਤਾ ਅਤੇ ਆਪਸੀ ਪਿਆਰ ਦੀ ਸਿੱਖਿਆ ਦਿੰਦੀ ਹੈ। ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਸਾਨੂੰ ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਆਪਣੇ ਜੀਵਨ ਵਿੱਚ ਅਪਣਾਉਣ, ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਚੰਗੇ ਚਰਿੱਤਰ ਦੇ ਧਾਰਨੀ ਬਣਨ ਦਾ ਸੁਨੇਹਾ ਦਿੱਤਾ। ਇਸ ਮੌਕੇ ਰੰਜਨਾ, ਸ਼ਾਲਿਨੀ ਸ਼ਰਮਾ, ਮਨਜੀਤ ਕੌਰ, ਪਰਵਿੰਦਰ ਕੌਰ, ਪਰਵੀਨ ਕੌਰ, ਲਵਲੀਨ ਕੌਰ, ਨੀਰਜ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।