- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਕੀਤੀ ਸ਼ਿਰਕਤ

ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਪੰਜਾਬੀ ਜਾਗਰਣ ਟੀਮ, ਨੰਗਲ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਬੀਤੀ ਸ਼ਾਮ ਨੰਗਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ’ਚ ਸ਼ਿਰਕਤ ਕੀਤੀ। ਉਹ ਸ਼੍ਰੀ ਵਾਲਮੀਕਿ ਮੰਦਿਰ, ਪੁਰਾਣੇ ਗੁਰਦੁਆਰਾ ਸਾਹਿਬ ਦੇ ਨੇੜੇ ਪਹੁੰਚੇ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੀ ਖੁਸ਼ਹਾਲੀ ’ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਨੇਕੀ, ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਕੋਂਸਲ ਨੰਗਲ ਪੰਜਾਬ ਦੀ ਪਹਿਲੀ ਕੌਂਸਲ ਬਣੀ ਹੈ, ਜਿੱਥੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਲਈ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਇਸੇ ਤਰ੍ਹਾਂ ਹੀ ਕੰਮ ਕਰਦੇ ਰਹਾਂਗੇ।
ਨੰਗਲ ਵਿਖੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ’ਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਪੂਰੇ ਇਲਾਕੇ ’ਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਸੰਗਤਾਂ ਵੱਲੋਂ ਸ਼ੋਭਾ ਯਾਤਰਾ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ’ਤੇ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਸ਼ਰਧਾਲੂਆਂ ਨੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਧਾਰਮਿਕ ਸਮਾਗਮ ’ਚ ਵੱਧ-ਚੜ੍ਹ ਕੇ ਹਿੱਸਾ ਲਿਆ।
ਬੈਂਸ ਨੇ ਸੰਗਤਾਂ ਵੱਲੋਂ ਲਗਾਏ ਗਏ ਲੰਗਰਾਂ ’ਚ ਵੀ ਹਾਜ਼ਰੀ ਭਰੀ। ਉਨ੍ਹਾਂ ਲੰਗਰ ਸੇਵਾ ’ਚ ਜੁਟੀਆਂ ਸੰਗਤਾਂ ਦੇ ਸੇਵਾ ਭਾਵ ਦੀ ਸ਼ਲਾਘਾ ਕੀਤੀ। ਇਸ ਮੌਕੇ ਕਿਰਨ ਬਾਲਾ ਪ੍ਰਧਾਨ ਨਗਰ ਕੋਂਸਲ, ਰਮੇਸ਼ ਕੁਮਾਰ ਉਪ ਪ੍ਰਧਾਨ, ਲਵਲੀ ਆਂਗਰਾਂ, ਪ੍ਰਦੀਪ ਬੈਂਸ,ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ, ਮਨਜੋਤ ਸਿੰਘ, ਗੁਰਦੇਵ ਬਿੱਲਾ, ਰੇਸ਼ਵ ਉੱਪਲ, ਅਸੀਸ਼ ਅੱਤਰੀ, ਸੁਨੀਤਾ ਗਿੱਲ, ਰਜਿੰਦਰ ਗਿੱਲ, ਰੋਹਿਤ ਕਾਲੀਆ, ਰਾਜੇਸ਼ ਕੁਮਾਰ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।