ਸਟੂਡੈਂਟ ਲੈਡ ਕਾਨਫਰੰਸ ਕਰਵਾਈ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਵਿਖੇ ਸਟੂਡੈਂਟ ਲੈਡ ਕਾਨਫਰੰਸ ਕਰਵਾਈ
Publish Date: Wed, 28 Oct 2026 04:30 PM (IST)
Updated Date: Wed, 28 Oct 2026 04:31 PM (IST)
ਵਿਦਿਆਰਥੀਆਂ ਨੇ ਮਾਡਲਾਂ ਦੀ ਪ੍ਰਦਰਸ਼ਨੀ ਲਾ ਕੇ ਆਪਣੀ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਆਤਮ ਵਿਸ਼ਵਾਸ ਅਤੇ ਹੁਨਰ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਟੂਡੈਂਟ ਲੈਡ ਕਾਨਫਰੰਸ ਕਰਵਾਈ ਗਈ। ਇਸ ਦੌਰਾਨ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਕੰਪਿਊਟਰ, ਵਾਤਾਵਰਣ, ਪੰਜਾਬੀ ਵਿਰਸੇ, ਗਣਿਤ, ਵਿਗਿਆਨ ਸਮੇਤ ਹੋਰ ਵਿਸ਼ਿਆਂ ਨਾਲ ਸਬੰਧਤ ਆਪਣੇ ਹੱਥੀਂ ਤਿਆਰ ਕੀਤੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ। ਵਿਦਿਆਰਥੀਆਂ ਨੇ ਆਪਣੇ ਮਾਡਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਆਪਣੀ ਕਾਬਲੀਅਤ ਅਤੇ ਵਿਸ਼ਿਆਂ ਪ੍ਰਤੀ ਸਮਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਐੱਮ.ਬੀ.ਡੀ. ਗਰੁੱਪ ਦੇ ਬਿਜ਼ਨਸ ਮੈਨੇਜਰ ਦੀਪਕ ਸੋਂਹਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਐਮ.ਬੀ.ਡੀ. ਗਰੁੱਪ ਦੀ ਅਕੈਡਮਿਕ ਕੰਸਲਟੈਂਟ ਤਾਵੀਸ਼ੀ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਮਹਿਮਾਨਾਂ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਮਾਡਲਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸੋਚ, ਜਾਣਕਾਰੀ ਅਤੇ ਸਿਰਜਣਾਤਮਕ ਯੋਗਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਸਿੱਖਿਆ ਪ੍ਰਦਾਨ ਕਰਦੀਆਂ ਹਨ। ਇਸ ਨਾਲ ਬੱਚਿਆਂ ’ਚ ਆਪਣੇ ਵਿਚਾਰ ਪੇਸ਼ ਕਰਨ, ਨਵੀਆਂ ਚੀਜ਼ਾਂ ਸਿੱਖਣ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦਾ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ। ਉਨ੍ਹਾਂ ਕਾਨਫਰੰਸ ਨੂੰ ਸਫਲ ਬਣਾਉਣ ਲਈ ਸਕੂਲ ਦੇ ਅਧਿਆਪਕਾਂ ਵੱਲੋਂ ਕੀਤੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਰਜਿੰਦਰ ਕਿਸ਼ਨਾ ਨੇ ਕਿਹਾ ਕਿ ਕਾਨਫਰੰਸ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਆਤਮ ਨਿਰਭਰਤਾ, ਨਵੀਂ ਸੋਚ ਅਤੇ ਆਪਣੀ ਪ੍ਰਤਿਭਾ ਨੂੰ ਪੇਸ਼ ਕਰਨ ਦੀ ਸਮਰੱਥਾ ਵਿਕਸਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਉਪਰਾਲੇ ਭਵਿੱਖ ’ਚ ਵੀ ਜਾਰੀ ਰੱਖੇ ਜਾਣਗੇ। ਕਾਨਫਰੰਸ ਦੌਰਾਨ ਵਿਦਿਆਰਥੀਆਂ ’ਚ ਆਪਣੇ ਮਾਡਲਾਂ ਨੂੰ ਲੈ ਕੇ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਸਿਮਰਨ ਕਿਸ਼ਨਾ, ਸੰਜੀਵ ਕੁਮਾਰ, ਮਨਦੀਪ ਸਿੰਘ, ਸੁਖਬੀਰ ਸਿੰਘ, ਰਮਨਦੀਪ ਕੌਰ, ਮਨੀਸ਼ਾ ਰਾਣੀ, ਹਰਸ਼ਦੀਪ ਕੌਰ, ਤਾਨੀਆ, ਮੀਨਾ ਦੇਵੀ, ਰੁਪਿੰਦਰ ਕੌਰ ਤੋਂ ਇਲਾਵਾ ਸਕੂਲ ਦਾ ਹੋਰ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।