ਆਦਰਸ਼ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨ ’ਤੇ ਚਾਂਦੀ ਦੇ ਤਮਗੇ ਆਦਰਸ਼ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨ ’ਤੇ ਚਾਂਦੀ ਦੇ ਤਮਗੇ
Publish Date: Wed, 28 Oct 2026 05:58 PM (IST)
Updated Date: Wed, 28 Oct 2026 06:01 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਅਤੇ ਚਾਂਦੀ ਦੇ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਾਇਮਰੀ ਵਿੰਗ ਦੇ ਖੇਡ ਕਨਵੀਨਰ ਗਗਨ ਕੁਮਾਰ ਅਤੇ ਅਧਿਆਪਕ ਅਮਰਜੀਤ ਸਿੰਘ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਵਿਦਿਆਰਥਣ ਮਨਮੀਤ ਕੌਰ ਨੇ ਲੰਬੀ ਛਾਲ ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤਿਆ। ਇਸੇ ਤਰ੍ਹਾਂ ਪੰਜਵੀਂ ਜਮਾਤ ਦੇ ਵਿਦਿਆਰਥੀ ਗੁਰਵੀਰ ਸਿੰਘ ਨੇ ਸ਼ਾਟਪੁੱਟ ਮੁਕਾਬਲੇ ’ਚ ਚਾਂਦੀ ਦਾ ਤਮਗਾ ਹਾਸਲ ਕੀਤਾ। ਦੋਵਾਂ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਗਲੇ ਸੂਬਾ ਪੱਧਰੀ ਮੁਕਾਬਲਿਆਂ ਲਈ ਵੀ ਦਾਅਵੇਦਾਰੀ ਪੇਸ਼ ਕੀਤੀ ਹੈ। ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਸਮੁੱਚੇ ਸਟਾਫ ਵੱਲੋਂ ਸਨਮਾਨਿਤ ਕਰਦਿਆਂ ਭਵਿੱਖ ’ਚ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਇੰਚਾਰਜ ਚਰਨਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਸਫਲਤਾ ਪਿੱਛੇ ਅਧਿਆਪਕਾਂ ਦੀ ਮਿਹਨਤ, ਮਾਪਿਆਂ ਦਾ ਸਹਿਯੋਗ ਅਤੇ ਬੱਚਿਆਂ ਦੀ ਲਗਨ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਨੇ ਪ੍ਰਾਇਮਰੀ ਵਿੰਗ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ ਅਤੇ ਸਮੁੱਚੇ ਸਟਾਫ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਲੈਕਚਰਾਰ ਸੋਹਣ ਸਿੰਘ ਚਾਹਲ, ਬਲਕਾਰ ਸਿੰਘ, ਮੁਕੇਸ਼ ਕੁਮਾਰ, ਗੁਰਚਰਨ ਸਿੰਘ ਅਤੇ ਗਗਨ ਕੁਮਾਰ ਸਮੇਤ ਸਕੂਲ ਦੇ ਹੋਰ ਅਧਿਆਪਕ ਅਤੇ ਕਰਮਚਾਰੀ ਹਾਜ਼ਰ ਸਨ।