ਗੁਰਦੁਆਰਾ ਪਤਾਲਪੁਰੀ ਸਾਹਿਬ ’ਚ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਆਰੰਭ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਆਰੰਭ
Publish Date: Fri, 30 Oct 2026 05:08 PM (IST)
Updated Date: Fri, 30 Oct 2026 05:10 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ ਸ੍ਰੀ ਕੀਰਤਪੁਰ ਸਾਹਿਬ : ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਆਰੰਭ ਕਰ ਦਿੱਤੀ ਗਈ ਹੈ। ਇਹ ਸੇਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਸੰਤ ਬਾਬਾ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੀ ਅਗਵਾਈ ਵਿੱਚ ਕਰਵਾਈ ਜਾਵੇਗੀ। ਸੇਵਾ ਦੀ ਆਰੰਭਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਨੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਿਤ ਇਸ ਪਾਵਨ ਅਸਥਾਨ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਇਸ ਪਵਿੱਤਰ ਸਰੋਵਰ ਦੀ ਸੇਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਸੰਤ ਬਾਬਾ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੀ ਝੋਲੀ ਪਾਈ ਗਈ ਹੈ। ਉਨ੍ਹਾਂ ਸੰਗਤ ਨੂੰ ਇਸ ਮਹਾਨ ਕਾਰਜ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਜ਼ਿਕਰਯੋਗ ਹੈ ਕਿ ਇਸ ਅਸਥਾਨ ਉੱਤੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਆਪਣੇ ਵਿੱਛੜੇ ਹੋਏ ਪਰਿਵਾਰਕ ਮੈਂਬਰਾਂ ਅਤੇ ਪੁਰਖਿਆਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਪਹੁੰਚਦੀਆਂ ਹਨ। ਸੰਤ ਬਾਬਾ ਅਮਰੀਕ ਸਿੰਘ ਜੀ ਪਟਿਆਲਾ ਵਾਲਿਆਂ ਵੱਲੋਂ ਵੀ ਸੰਗਤ ਨੂੰ ਅਪੀਲ ਕੀਤੀ ਗਈ ਕਿ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਇਸ ਕਾਰ ਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਇਆ ਜਾਵੇ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾਣ। ਇਸ ਦੇ ਨਾਲ ਹੀ ਸੰਗਤ ਦੀ ਸਹੂਲਤ ਲਈ ਗੁਰਦੁਆਰਾ ਸਾਹਿਬ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਨਿਵਾਸ ਦੀ ਉਸਾਰੀ ਦਾ ਕਾਰਜ ਵੀ ਜਾਰੀ ਹੈ, ਜਿਸ ਨਾਲ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਠਹਿਰਨ ਦੀ ਸਹੂਲਤ ਮਿਲੇਗੀ। ਇਸ ਮੌਕੇ ਮੈਨੇਜਰ ਸਰਬ ਦਿਆਲ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ, ਮੈਨੇਜਰ ਸੁਖਬੀਰ ਸਿੰਘ ਗੁਰਦੁਆਰਾ ਸ੍ਰੀ ਪਾਤਾਲਪੁਰੀ ਸਾਹਿਬ, ਰਿਕਾਰਡ ਕੀਪਰ ਗੁਰਮੁਖ ਸਿੰਘ ਸਮੇਤ ਹੋਰ ਸੇਵਾਦਾਰ ਅਤੇ ਸੰਗਤ ਹਾਜ਼ਰ ਸਨ।