ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵੱਲੋਂ ਚੈਕਿੰਗ ਮੁਹਿੰਮ ਤੇਜ਼ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵੱਲੋਂ ਚੈਕਿੰਗ ਮੁਹਿੰਮ ਤੇਜ਼
Publish Date: Fri, 30 Oct 2026 06:35 PM (IST)
Updated Date: Fri, 30 Oct 2026 06:37 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ੍ਰੀ ਕੀਰਤਪੁਰ ਸਾਹਿਬ : ਚੋਣਾਂ ਦੇ ਮੱਦੇਨਜ਼ਰ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਗੈਰ-ਕਾਨੂੰਨੀ ਸ਼ਰਾਬ ਦੀ ਸਟੋਰੇਜ ’ਤੇ ਤਸਕਰੀ ਨੂੰ ਰੋਕਣ ਲਈ ਆਬਕਾਰੀ ਵਿਭਾਗ ਵੱਲੋਂ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਆਬਕਾਰੀ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ਦੀ ਜਾਂਚ ਕੀਤੀ ਗਈ। ਡਿਪਟੀ ਕਮਿਸ਼ਨਰ ਆਬਕਾਰੀ, ਪਟਿਆਲਾ ਜ਼ੋਨ ਖੁਸ਼ਦਿਲ ਸਿੰਘ ਸੰਧੂ ਅਤੇ ਸਹਾਇਕ ਕਮਿਸ਼ਨਰ ਆਬਕਾਰੀ, ਰੋਪੜ ਰੇਂਜ ਅਸ਼ੋਕ ਚਹੌਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਬਕਾਰੀ ਇੰਸਪੈਕਟਰ ਸਰਕਲ ਨੰਗਲ ਮਨਪ੍ਰੀਤ ਸਿੰਘ ਵੱਲੋਂ ਕੀਰਤਪੁਰ ਸਾਹਿਬ ਇਲਾਕੇ ਵਿੱਚ ਭੱਠਿਆਂ, ਸ਼ੈਲਰਾਂ ਅਤੇ ਲੰਬੇ ਸਮੇਂ ਤੋਂ ਖਾਲੀ ਪਈਆਂ ਇਮਾਰਤਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਬਾਰੀਕੀ ਨਾਲ ਜਾਂਚ ਕੀਤੀ ਗਈ, ਤਾਂ ਜੋ ਕਿਤੇ ਵੀ ਗੈਰ-ਕਾਨੂੰਨੀ ਸ਼ਰਾਬ ਦਾ ਭੰਡਾਰਨ ਜਾਂ ਇਸ ਨਾਲ ਸਬੰਧਿਤ ਕੋਈ ਸਰਗਰਮੀ ਨਾ ਹੋ ਰਹੀ ਹੋਵੇ। ਇਸ ਮੌਕੇ ਆਬਕਾਰੀ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਗੈਰ-ਕਾਨੂੰਨੀ ਸ਼ਰਾਬ ਦੀ ਵਿਕਰੀ, ਭੰਡਾਰਨ ਅਤੇ ਵੰਡ ਨੂੰ ਰੋਕਣ ਲਈ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਕਿਸੇ ਵੀ ਕੀਮਤ ’ਤੇ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ। ਜੇਕਰ ਕੋਈ ਵਿਅਕਤੀ ਅਜਿਹੀਆਂ ਸਰਗਰਮੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਵੱਲੋਂ ਇਲਾਕੇ ਵਿੱਚ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸ਼ੱਕੀ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਸਰਗਰਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।