ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 40 ਥਾਵਾਂ ’ਤੇ ਚੱਲ ਰਹੀਆਂ ਹਨ ਸੀਐੱਮ ਦੀਆਂ ਯੋਗਸ਼ਾਲਾਵਾਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 40 ਥਾਵਾਂ ’ਤੇ ਚੱਲ ਰਹੀਆਂ ਹਨ ਸੀ.ਐਮ. ਦੀਆਂ ਯੋਗਸ਼ਾਲਾਵਾਂ
Publish Date: Fri, 30 Oct 2026 06:55 PM (IST)
Updated Date: Fri, 30 Oct 2026 06:58 PM (IST)
ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ ਨੰਗਲ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਬਣਾਉਣ ਲਈ ਸ਼ੁਰੂ ਕੀਤੀ ਗਈ ਸੀਐੱਮ ਦੀ ਯੋਗਸ਼ਾਲਾ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਲਗਭਗ 40 ਵੱਖ-ਵੱਖ ਥਾਵਾਂ ’ਤੇ ਯੋਗਸ਼ਾਲਾਵਾਂ ਚਲਾਈਆਂ ਜਾ ਰਹੀਆਂ ਹਨ, ਜਦਕਿ ਇਕੱਲੇ ਨੰਗਲ ਸ਼ਹਿਰ ਵਿੱਚ 9 ਸਾਂਝੀਆਂ ਥਾਵਾਂ ’ਤੇ ਰੋਜ਼ਾਨਾ ਲੋਕ ਯੋਗ ਅਭਿਆਸ ਕਰ ਰਹੇ ਹਨ। ਇਨ੍ਹਾਂ ਯੋਗਸ਼ਾਲਾਵਾਂ ਵਿੱਚ ਹਰ ਉਮਰ ਵਰਗ ਦੇ ਲੋਕ ਉਤਸ਼ਾਹ ਨਾਲ ਸ਼ਾਮਲ ਹੋ ਕੇ ਸਿਹਤਮੰਦ ਜੀਵਨਸ਼ੈਲੀ ਵੱਲ ਕਦਮ ਵਧਾ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਸੀਐੱਮ ਦੀ ਯੋਗਸ਼ਾਲਾ ਦੇ ਪ੍ਰਬੰਧਾਂ ਅਤੇ ਸਰਗਰਮੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਸਿਹਤਮੰਦ, ਖੁਸ਼ਹਾਲ ਅਤੇ ਨਿਰੋਗ ਜੀਵਨ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਸਰੀਰਕ ਕਸਰਤ ਅਤੇ ਯੋਗ ਦਾ ਵਿਸ਼ੇਸ਼ ਮਹੱਤਵ ਹੈ। ਯੋਗ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦਾ ਹੈ, ਸਗੋਂ ਮਾਨਸਿਕ ਤਣਾਅ ਘਟਾਉਣ ਅਤੇ ਮਨ ਨੂੰ ਸ਼ਾਂਤ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਯੋਗਸ਼ਾਲਾਵਾਂ ਵਿੱਚ ਸਿਖਲਾਈ ਪ੍ਰਾਪਤ ਨੌਜਵਾਨ ਯੋਗ ਟ੍ਰੇਨਰ ਲੋਕਾਂ ਨੂੰ ਵੱਖ-ਵੱਖ ਯੋਗ ਆਸਣਾਂ, ਪ੍ਰਾਣਾਯਾਮ ਅਤੇ ਧਿਆਨ ਦੀ ਸਿਖਲਾਈ ਦੇ ਰਹੇ ਹਨ। ਸਭ ਤੋਂ ਅਹਿਮ ਗੱਲ ਇਹ ਹੈ ਕਿ ਇਹ ਸਹੂਲਤ ਲੋਕਾਂ ਨੂੰ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਆਰਥਿਕ ਪੱਖੋਂ ਕਿਸੇ ਵੀ ਵਰਗ ਦੇ ਲੋਕ ਸਿਹਤਮੰਦ ਜੀਵਨ ਜਿਊਣ ਦੇ ਇਸ ਉਪਰਾਲੇ ਦਾ ਲਾਭ ਲੈ ਸਕਣ। ਰੋਜ਼ਾਨਾ ਹਜ਼ਾਰਾਂ ਲੋਕ ਇਨ੍ਹਾਂ ਯੋਗ ਕੈਂਪਾਂ ਵਿੱਚ ਸ਼ਾਮਲ ਹੋ ਕੇ ਆਪਣੀ ਸਿਹਤ ਪ੍ਰਤੀ ਜਾਗਰੂਕ ਹੋ ਰਹੇ ਹਨ। ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਚੱਲ ਰਹੀਆਂ ਯੋਗਸ਼ਾਲਾਵਾਂ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜ਼ਿੰਮੇਵਾਰ ਬਣਾਉਣ ਵਿੱਚ ਸਹਾਈ ਸਿੱਧ ਹੋ ਰਹੀਆਂ ਹਨ। ਨੰਗਲ ਸ਼ਹਿਰ ਦੀਆਂ 9 ਸਾਂਝੀਆਂ ਥਾਵਾਂ ’ਤੇ ਚੱਲ ਰਹੀਆਂ ਯੋਗਸ਼ਾਲਾਵਾਂ ਵਿੱਚ ਔਰਤਾਂ, ਬਜ਼ੁਰਗਾਂ, ਨੌਜਵਾਨਾਂ ਅਤੇ ਹੋਰ ਨਾਗਰਿਕਾਂ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਹੁਣ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਯੋਗ ਨੂੰ ਮਹੱਤਵ ਦੇਣ ਲੱਗੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਜਿਹੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਤੱਕ ਹੀ ਸੀਮਤ ਨਹੀਂ, ਸਗੋਂ ਲੋਕਾਂ ਦੀ ਸਿਹਤ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵੀ ਲਗਾਤਾਰ ਯਤਨਸ਼ੀਲ ਹੈ। ਸੀਐੱਮ ਦੀ ਯੋਗਸ਼ਾਲਾ ਵਰਗੇ ਉਪਰਾਲੇ ਇੱਕ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਵੀ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਮੁਫ਼ਤ ਯੋਗਸ਼ਾਲਾਵਾਂ ਨਾਲ ਜੁੜਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਯੋਗ ਅਭਿਆਸ ਲਈ ਪ੍ਰੇਰਿਤ ਕਰਨ, ਤਾਂ ਜੋ ਤੰਦਰੁਸਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।