- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਦੀ ਪਹਿਲੀ ਸੂਚੀ ਵਿੱਚ ਹਰਜੋਤ ਬੈਂਸ ਦਾ ਨਾਮ ਨਾ ਹੋਣ ’ਤੇ ਭਾਜਪਾ ਨੇ ਸਾਧਿਆ ਨਿਸ਼ਾਨਾ

ਡਾਕਟਰ ਸੁਭਾਸ਼ ਸ਼ਰਮਾ ਨੇ ਸ਼ੋਸ਼ਲ ਮੀਡੀਆ ’ਤੇ ਚੁੱਕੇ ਸਵਾਲ
ਆਪ ਆਗੂ ਡਾਕਟਰ ਗੌਤਮ ਸ਼ਰਮਾ ਨੇ ਦਿੱਤਾ ਜਵਾਬ
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਦੀ ਸਿਆਸਤ ’ਚ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਇੱਕ-ਦੂਜੇ ’ਤੇ ਨਿਸ਼ਾਨੇ ਸਾਧਣ ਤੇ ਸਿਆਸੀ ਬਿਆਨਬਾਜ਼ੀ ਕਰਨ ਦਾ ਸਿਲਸਿਲਾ ਵੀ ਤੇਜ਼ ਹੋ ਗਿਆ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ’ਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਮ ਸ਼ਾਮਲ ਨਾ ਹੋਣ ਨੂੰ ਲੈ ਕੇ ਭਾਜਪਾ ਨੇ ਸਵਾਲ ਖੜ੍ਹੇ ਕੀਤੇ ਹਨ।
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੇ ਸ਼ੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ’ਚ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਮ ਸ਼ਾਮਲ ਨਹੀਂ ਹੈ। ਉਨ੍ਹਾਂ ਸਵਾਲ ਕਰਦਿਆਂ ਲਿਖਿਆ ਕਿ ਕੀ ਬੈਂਸ ਸਾਹਿਬ ਹਲਕਾ ਬਦਲ ਰਹੇ ਹਨ ਜਾਂ ਫਿਰ ਪਾਰਟੀ ਨੂੰ ਉਨ੍ਹਾਂ ਦੀ ਜਿੱਤ ਸਬੰਧੀ ਕੋਈ ਸ਼ੰਕਾ ਹੈ?
ਡਾਕਟਰ ਸੁਭਾਸ਼ ਸ਼ਰਮਾ ਦੀ ਇਸ ਪੋਸਟ ਤੋਂ ਬਾਅਦ ਇਲਾਕੇ ਦੀ ਸਿਆਸਤ ’ਚ ਨਵੀਂ ਚਰਚਾ ਛਿੜ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਰਹੇ ਹਨ ਕਿ ਹਰਜੋਤ ਸਿੰਘ ਬੈਂਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਨਹੀਂ ਲੜਨਗੇ ਅਤੇ ਕਿਸੇ ਹੋਰ ਹਲਕੇ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ।
ਸ਼ੋਸ਼ਲ ਮੀਡੀਆ ’ਤੇ ਇਹ ਪੋਸਟ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੀ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਕੁਝ ਲੋਕ ਹਰਜੋਤ ਸਿੰਘ ਬੈਂਸ ਦੇ ਹੱਕ ’ਚ ਨਜ਼ਰ ਆਏ, ਜਦਕਿ ਕਈਆਂ ਨੇ ਇਸ ਮੁੱਦੇ ’ਤੇ ਸਵਾਲ ਵੀ ਉਠਾਏ। ਫਿਲਹਾਲ ਪਹਿਲੀ ਸੂਚੀ ’ਚ ਉਨ੍ਹਾਂ ਦਾ ਨਾਮ ਨਾ ਹੋਣਾ ਇਲਾਕੇ ਦੇ ਸਿਆਸੀ ਹਲਕਿਆਂ ’ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਸੁਭਾਸ਼ ਸ਼ਰਮਾ ਆਪਣੀ ਟਿਕਟ ਦਾ ਫਿਕਰ ਕਰਨ : ਡਾਕਟਰ ਗੌਤਮ
ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਗੌਤਮ ਸ਼ਰਮਾ ਨੇ ਭਾਜਪਾ ਆਗੂ ਡਾਕਟਰ ਸੁਭਾਸ਼ ਸ਼ਰਮਾ ਨੂੰ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹਰਜੋਤ ਸਿੰਘ ਬੈਂਸ ਦੀ ਟਿਕਟ ਦਾ ਫਿਕਰ ਛੱਡ ਕੇ ਆਪਣੀ ਟਿਕਟ ਦੀ ਚਿੰਤਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰਜੋਤ ਸਿੰਘ ਬੈਂਸ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਪਾਰਟੀ ’ਚ ਉਨ੍ਹਾਂ ਦਾ ਚੰਗਾ ਅਸਰ-ਰਸੂਖ ਹੈ। ਉਨ੍ਹਾਂ ਨੂੰ ਟਿਕਟ ਮਿਲਣ ਸਬੰਧੀ ਕੋਈ ਚਿੰਤਾ ਨਹੀਂ ਹੈ। ਦੂਜੇ ਪਾਸੇ ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਡਾਕਟਰ ਸੁਭਾਸ਼ ਸ਼ਰਮਾ ਨੂੰ ਖੁਦ ਵੀ ਸ਼ਾਇਦ ਇਹ ਭਰੋਸਾ ਨਹੀਂ ਹੋਵੇਗਾ ਕਿ ਉਨ੍ਹਾਂ ਨੂੰ ਆਪਣੀ ਪਾਰਟੀ ਵੱਲੋਂ ਟਿਕਟ ਮਿਲੇਗੀ ਜਾਂ ਨਹੀਂ।