ਮੁੜ ਪਾਰਟੀ ਟਿਕਟ ਮਿਲਣ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਸ਼ਾਨਦਾਰ ਸਵਾਗਤ ਮੁੜ ਪਾਰਟੀ ਟਿਕਟ ਮਿਲਣ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਨੂਰਪੁਰਬੇਦੀ ਵਿਖੇ ਸ਼ਾਨਦਾਰ ਸਵਾਗਤ
Publish Date: Sat, 31 Oct 2026 04:20 PM (IST)
Updated Date: Sat, 31 Oct 2026 04:23 PM (IST)
ਵਰਕਰਾਂ ਨੇ ਢੋਲ-ਢਮੱਕੇ ਨਾਲ ਮਨਾਈ ਖੁਸ਼ੀ, ਪੀਰ ਬਾਬਾ ਜਿੰਦਾ ਸ਼ਹੀਦ ਦੇ ਅਸਥਾਨ ’ਤੇ ਹੋਏ ਨਤਮਸਤਕ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ 40 ਉਮੀਦਵਾਰਾਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ ’ਚ ਰੂਪਨਗਰ ਹਲਕੇ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਮੁੜ ਚੋਣ ਮੈਦਾਨ ’ਚ ਉਤਾਰਨ ਦੇ ਫ਼ੈਸਲੇ ਨਾਲ ਪਾਰਟੀ ਵਰਕਰਾਂ ’ਚ ਉਤਸ਼ਾਹ ਦੇਖਣ ਨੂੰ ਮਿਲਿਆ। ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਨੂਰਪੁਰਬੇਦੀ ਪਹੁੰਚਣ ’ਤੇ ਵਿਧਾਇਕ ਚੱਢਾ ਦਾ ਵਰਕਰਾਂ ਅਤੇ ਸਮਰਥਕਾਂ ਵੱਲੋਂ ਢੋਲ-ਢਮੱਕੇ, ਫੁੱਲਾਂ ਦੇ ਹਾਰਾਂ ਅਤੇ ਨਾਅਰਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਵਿਧਾਇਕ ਦਿਨੇਸ਼ ਚੱਢਾ ਦੇ ਨੂਰਪੁਰਬੇਦੀ ਸਥਿਤ ਦਫ਼ਤਰ ਵਿਖੇ ਪਹੁੰਚਣ ’ਤੇ ਵੱਡੀ ਗਿਣਤੀ ’ਚ ਇਕੱਠੇ ਹੋਏ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਸਾਂਝੀ ਕੀਤੀ ਅਤੇ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਨੂੰ ਸਹੀ ਕਰਾਰ ਦਿੱਤਾ। ਸਵਾਗਤ ਸਮਾਰੋਹ ਦੌਰਾਨ ਮਾਹੌਲ ਜਸ਼ਨਮਈ ਬਣਿਆ ਰਿਹਾ। ਵਰਕਰਾਂ ਦਾ ਸਾਥ ਤੇ ਲੋਕਾਂ ਦਾ ਭਰੋਸਾ ਮੇਰੀ ਸਭ ਤੋਂ ਵੱਡੀ ਤਾਕਤ : ਚੱਢਾ ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਾਰਟੀ ਵੱਲੋਂ ਮੁੜ ਉਮੀਦਵਾਰ ਬਣਾਇਆ ਜਾਣਾ ਉਨ੍ਹਾਂ ਲਈ ਖੁਸ਼ੀ ਦੇ ਨਾਲ-ਨਾਲ ਜਨਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਹੋਰ ਵਧਾਉਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਲਕੇ ’ਚ ਕਰਵਾਏ ਗਏ ਵਿਕਾਸ ਕਾਰਜਾਂ, ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਕੀਤੇ ਯਤਨਾਂ ਅਤੇ ਪਾਰਟੀ ਵਰਕਰਾਂ ਦੇ ਲਗਾਤਾਰ ਸਹਿਯੋਗ ਸਦਕਾ ਉਨ੍ਹਾਂ ਨੂੰ ਇਹ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਹਮੇਸ਼ਾ ਪੂਰੀ ਲਗਨ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਹਿਲਾਂ ਵਾਂਗ ਹੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਹਲਕੇ ਦੀ ਤਰੱਕੀ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦੇ ਰਹਿਣਗੇ। ਵਿਧਾਇਕ ਚੱਢਾ ਨੇ ਮੁੜ ਭਰੋਸਾ ਪ੍ਰਗਟਾਉਣ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਹੁਣ ਤੋਂ ਹੀ ਲੋਕਾਂ ’ਚ ਸਰਗਰਮ ਹੋਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਇਸ ਮੌਕੇ ਉਪਰੰਤ ਵਿਧਾਇਕ ਦਿਨੇਸ਼ ਚੱਢਾ ਆਪਣੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨਾਲ ਪੀਰ ਬਾਬਾ ਜਿੰਦਾ ਸ਼ਹੀਦ ਦੇ ਧਾਰਮਿਕ ਅਸਥਾਨ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਪਾਠੀ ਸਿੰਘਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।