ਵਿਧਾਇਕ ਦਿਨੇਸ਼ ਚੱਢਾ ਨੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਦਾ ਕੰਮ ਕਰਵਾਇਆ ਸ਼ੁਰੂ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਰਾਏਪੁਰ ਵਿਖੇ 3.18 ਲੱਖ ਰੁਪਏ ਦੀ ਲਾਗਤ ਨਾਲ ਪੀਣ
Publish Date: Sat, 31 Oct 2026 04:42 PM (IST)
Updated Date: Sat, 31 Oct 2026 04:44 PM (IST)
ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨਾ ਸਾਡੀ ਮੁੱਖ ਪਹਿਲ : ਚੱਢਾ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਰੂਪਨਗਰ ਦੇ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖੇਤਰ ਦੇ ਪਿੰਡ ਰਾਏਪੁਰ ਵਿਖੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ’ਤੇ ਕਰੀਬ 3 ਲੱਖ 18 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਇਸ ਕੰਮ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਸਬੰਧੀ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਹਲਕੇ ਦੇ ਤਮਾਮ ਪਿੰਡਾਂ ’ਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ’ਚ ਰੱਖਦਿਆਂ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੰਚਾਈ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਪਿੰਡਾਂ ਦੀਆਂ ਅਸਲ ਲੋੜਾਂ ਅਤੇ ਲੋਕਾਂ ਵੱਲੋਂ ਰੱਖੀਆਂ ਜਾਂਦੀਆਂ ਮੰਗਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਕਈ ਪਿੰਡਾਂ ’ਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਨਵੇਂ ਬੋਰ ਅਤੇ ਖੇਤੀਬਾੜੀ ਦੀਆਂ ਲੋੜਾਂ ਨੂੰ ਪੂਰਾ ਕਰਨ ਵਾਸਤੇ ਸਿੰਚਾਈ ਵਾਲੇ ਬੋਰ ਲਗਾਏ ਜਾ ਚੁੱਕੇ ਹਨ। ਪਾਣੀ ਦੀ ਉਪਲਬਧਤਾ ਵਧਾਉਣ ਲਈ ਕੀਤੇ ਜਾ ਰਹੇ ਇਹ ਉਪਰਾਲੇ ਪਿੰਡਾਂ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਪਿੰਡ ਰਾਏਪੁਰ ਵਿਖੇ ਸ਼ੁਰੂ ਕੀਤੀ ਗਈ ਪਾਈਪ ਲਾਈਨ ਦਾ ਕੰਮ ਵੀ ਇਸੇ ਦਿਸ਼ਾ ’ਚ ਇੱਕ ਅਹਿਮ ਕਦਮ ਹੈ, ਜਿਸ ਨਾਲ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਸਬੰਧੀ ਰੱਖੀ ਜਾ ਰਹੀ ਮੰਗ ਪੂਰੀ ਹੋਵੇਗੀ। ਵਿਧਾਇਕ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪਾਈਪ ਲਾਈਨ ਵਿਛਾਉਣ ਦੌਰਾਨ ਪਾਣੀ ਦੀ ਸਪਲਾਈ, ਪ੍ਰੈਸ਼ਰ ਅਤੇ ਲੀਕੇਜ ਵਰਗੇ ਤਕਨੀਕੀ ਪਹਿਲੂਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਨਿਰਵਿਘਨ ਸਹੂਲਤ ਮਿਲ ਸਕੇ।