ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਸਹਿਯੋਗ ਬੇਹੱਦ ਜ਼ਰੂਰੀ: ਅਦਿੱਤਿਆ ਡੇਚਲਵਾਲ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਪਿੰਡਾਂ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ: ਅਦਿੱਤਿਆ ਡੇਚਲਵਾਲ
Publish Date: Sat, 31 Oct 2026 05:52 PM (IST)
Updated Date: Sat, 31 Oct 2026 05:53 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਪਿੰਡ ਦੇਹਣੀ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਪਿੰਡਾਂ ਦੇ ਲੋਕਾਂ ਤੇ ਨੌਜਵਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ਿਆਂ ਦੀ ਮਾਰ ਹੇਠ ਹੈ ਜਾਂ ਕਿਸੇ ਹੋਰ ਸਮਾਜਿਕ ਜਾਂ ਨਿੱਜੀ ਸਮੱਸਿਆ ਨਾਲ ਜੂਝ ਰਿਹਾ ਹੈ ਤਾਂ ਉਸ ਦੀ ਪਛਾਣ ਕਰਕੇ ਉਸ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤ ਨਾਲ ਹੋਈ ਮੀਟਿੰਗ ਦੌਰਾਨ ਪਿੰਡ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਖੇਡ ਮੈਦਾਨ ਬਣਾਉਣ ਦੀ ਮੰਗ ਨੂੰ ਵਿਸ਼ੇਸ਼ ਤੌਰ ਤੇ ਨੋਟ ਕੀਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਸਮੱਸਿਆ ਦਾ 15 ਦਿਨਾਂ ਦੇ ਅੰਦਰ ਹੱਲ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਨਸ਼ਿਆਂ ਤੋਂ ਦੂਰ ਰੱਖਣ ਦਾ ਇੱਕ ਪ੍ਰਭਾਵਸ਼ਾਲੀ ਤਰੀਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਨਿੱਜੀ ਰੰਜਿਸ਼ਾਂ ਕਾਰਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਬੇਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ। ਪੁਲਿਸ ਵੱਲੋਂ ਵੀ ਕਿਸੇ ਵਿਅਕਤੀ ਨੂੰ ਬੁਲਾਉਣ ਤੋਂ ਪਹਿਲਾਂ ਉਸ ਦੇ ਪਿਛੋਕੜ ਦੀ ਜਾਂਚ ਕਰਨ ਤੇ ਹਰ ਕਾਰਵਾਈ ਨਿਰਪੱਖ ਢੰਗ ਨਾਲ ਕਰਨ ਦੇ ਯਤਨ ਕੀਤੇ ਜਾਂਦੇ ਹਨ। ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਸਿਰਫ਼ ਸਰਕਾਰ ਜਾਂ ਪੁਲਿਸ ਦੀ ਮੁਹਿੰਮ ਨਹੀਂ, ਸਗੋਂ ਇਹ ਇੱਕ ਲੋਕ ਲਹਿਰ ਹੈ, ਜਿਸ ਨੂੰ ਕਾਮਯਾਬ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ’ਚ ਲੋਕਾਂ ਵੱਲੋਂ ਪੁਲਿਸ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ, ਜੋ ਕਿ ਇੱਕ ਸ਼ੁਭ ਸੰਕੇਤ ਹੈ। ਡੀ.ਐੱਸ.ਪੀ. ਜਸ਼ਨਦੀਪ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ਨਸ਼ਿਆਂ ਖ਼ਿਲਾਫ਼ ਦੋਹਰੀ ਰਣਨੀਤੀ ਤਹਿਤ ਕੰਮ ਕਰ ਰਿਹਾ ਹੈ। ਇੱਕ ਪਾਸੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਨਸ਼ੇ ਦੀ ਲੱਤ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਇਲਾਜ ਤੇ ਮੁੜ ਵਸੇਬੇ ਰਾਹੀਂ ਸਮਾਜ ਦੀ ਮੁੱਖ ਧਾਰਾ ’ਚ ਵਾਪਸ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਮੋਹਿਤ ਦੀਵਾਨ ਉਪ ਜਿਲ੍ਹਾ ਕੋਆਰਡੀਨੇਟਰ, ਗੁਰਪ੍ਰੀਤ ਅਰੋੜਾ ਚੇਅਰਮੈਨ ਟਰੇਡ ਕਮਿਸ਼ਨ, ਥਾਣਾ ਮੁਖੀ ਰਾਹੁਲ ਸ਼ਰਮਾ, ਰਾਜਮੁੱਖ ਸਿੰਘ ਹਲਕਾ ਕੋਆਰਡੀਨੇਟਰ, ਸ਼ਮਸ਼ੇਰ ਸਿੰਘ ਵਾਈਸ ਹਲਕਾ ਕੋਆਰਡੀਨੇਟਰ, ਯੂਨਿਸ ਖ਼ਾਨ ਬਲਾਕ ਕੋਆਰਡੀਨੇਟਰ,ਕੁਲਵੰਤ ਸਿੰਘ ਸੋਸ਼ਲ ਮੀਡੀਆ ਇੰਚਾਰਜ, ਵਿੱਕੀ ਮਹਿਤਾ ਬਲਾਕ ਪ੍ਰਧਾਨ, ਵਰਿੰਦਰ ਸਿੰਘ ਬਲਾਕ ਲੀਡਰ ਯੁੱਧ ਨਸ਼ਿਆ ਵਿਰੁੱਧ , ਬਲਵਿੰਦਰ ਸਿੰਘ, ਗੁਰਮੀਤ ਸਿੰਘ ਟੀਨਾ ਨਗਰ ਕੌਂਸਲ ਪ੍ਰਧਾਨ, ਗਫੂਰ ਮੁਹੰਮਦ ਬਲਾਕ ਪ੍ਰਧਾਨ , ਸਵਰਨ ਸਿੰਘ ਹਾਜ਼ਰ ਸਨ।