ਚੱਢਾ ਨੂੰ ਮੁੜ ਟਿਕਟ ਮਿਲਣ ’ਤੇ ਵੱਖ-ਵੱਖ ਆਗੂਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਵਿਧਾਇਕ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਟਿਕਟ ਮਿਲਣ ’ਤੇ ਵੱਖ-ਵੱਖ ਆਗੂਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ
Publish Date: Sun, 01 Nov 2026 05:13 PM (IST)
Updated Date: Sun, 01 Nov 2026 05:14 PM (IST)
ਅਰਵਿੰਦ ਕੇਜਰੀਵਾਲ ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2027 ਲਈ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ’ਚ ਹਲਕਾ ਰੂਪਨਗਰ ਦੇ ਮੌਜੂਦਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਟਿਕਟ ਦੇ ਕੇ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਫੈਸਲੇ ਦਾ ਵੱਖ-ਵੱਖ ਆਗੂਆਂ ਵੱਲੋਂ ਸਵਾਗਤ ਕਰਦਿਆਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੀ ਹਾਈਕਮਾਂਡ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਪੰਚ ਅਵਤਾਰ ਸਿੰਘ ਕੂੰਨਰ, ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ , ਸਰਪੰਚ ਸ਼ਮਸ਼ੇਰ ਸਿੰਘ ਵਾਈਸ ਕੋਆਰਡੀਨੇਟਰ ਅਤੇ ਗੁਰਨਾਮ ਸਿੰਘ ਲਾਡਲ ਵਾਈਸ ਕੋਆਰਡੀਨੇਟਰ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਐਡਵੋਕੇਟ ਦਿਨੇਸ਼ ਚੱਢਾ ’ਤੇ ਮੁੜ ਭਰੋਸਾ ਪ੍ਰਗਟਾਉਣਾ ਸਮੁੱਚੇ ਰੂਪਨਗਰ ਹਲਕੇ ਦੇ ਪਾਰਟੀ ਵਰਕਰਾਂ ਲਈ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ’ਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਹੈ। ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ, ਸੜਕਾਂ, ਪੀਣ ਵਾਲੇ ਪਾਣੀ, ਸਿਹਤ ਅਤੇ ਸਿੱਖਿਆ ਨਾਲ ਸਬੰਧਤ ਕੰਮਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ’ਚ ਵੀ ਪਾਰਟੀ ਵਰਕਰਾਂ ਅਤੇ ਸਮਾਜਿਕ ਆਗੂਆਂ ਦੀ ਭੂਮਿਕਾ ਮਹੱਤਵਪੂਰਨ ਰਹੀ ਹੈ। ਉਨ੍ਹਾਂ ਕਿਹਾ ਕਿ ਦਿਨੇਸ਼ ਚੱਢਾ ਨੂੰ ਮੁੜ ਟਿਕਟ ਮਿਲਣ ਨਾਲ ਪਾਰਟੀ ਵਰਕਰਾਂ ’ਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਮੁੱਚੀ ਟੀਮ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਦੇ ਏਜੰਡੇ ਨੂੰ ਲੋਕਾਂ ਤੱਕ ਪਹੁੰਚਾਏਗੀ।