ਭਾਜਪਾ ਸਰਕਾਰ ਬਣਨ ’ਤੇ ਪਹਿਲੇ ਦਿਨ ਤੋਂ ਮੁਲਾਜ਼ਮਾਂ ਨੂੰ ਮਿਲੇਗਾ 63 ਫੀਸਦੀ ਡੀਏ : ਡਾ. ਸੁਭਾਸ਼ ਸ਼ਰਮਾ ਭਾਜਪਾ ਸਰਕਾਰ ਬਣਨ ’ਤੇ ਪਹਿਲੇ ਦਿਨ ਤੋਂ ਮੁਲਾਜ਼ਮਾਂ ਕੇਂਦਰ ਦੀ ਤਰਜ਼ ਤੇ ਮਿਲੇਗਾ 63 ਫੀਸਦੀ ਡੀਏ: ਡਾ. ਸੁਭਾਸ਼ ਸ਼ਰਮਾ
Publish Date: Sun, 01 Nov 2026 05:23 PM (IST)
Updated Date: Sun, 01 Nov 2026 05:26 PM (IST)
ਡਾ. ਸੁਭਾਸ਼ ਸ਼ਰਮਾਂ ਨੇ ‘ਆਪ’ ਸਰਕਾਰ ’ਤੇ ਮੁਲਾਜ਼ਮਾਂ ਨਾਲ ਵਾਅਦਾਖ਼ਿਲਾਫ਼ੀ ਦੇ ਦੋਸ਼ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਤੇ ਨੰਗਲ ਨੂੰ ਟੂਰਿਜ਼ਮ ਸਰਕਟ ਵਜੋਂ ਵਿਕਸਤ ਕਰਨ ਦਾ ਕੀਤਾ ਵਾਅਦਾ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਪਹਿਲੇ ਹੀ ਦਿਨ ਤੋਂ ਕੇਂਦਰ ਸਰਕਾਰ ਦੀ ਤਰਜ਼ ’ਤੇ 63 ਫੀਸਦੀ ਮਹਿੰਗਾਈ ਭੱਤਾ (ਡੀਏ) ਦਿੱਤਾ ਜਾਵੇਗਾ ਤੇ ਉਨ੍ਹਾਂ ਦੇ ਪਿਛਲੇ ਸਾਰੇ ਬਕਾਏ ਵੀ ਜਾਰੀ ਕੀਤੇ ਜਾਣਗੇ। ਇਹ ਐਲਾਨ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਅੱਜ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਡਾ. ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਮੇਂ ਮੁਲਾਜ਼ਮਾਂ ਨੂੰ 50 ਫੀਸਦੀ ਡੀਏ ਦਿੱਤਾ ਜਾ ਰਿਹਾ ਹੈ, ਜਦਕਿ ਉਨ੍ਹਾਂ ਦੇ ਅੱਠ ਫੀਸਦੀ ਡੀਏ ਦੀਆਂ ਬਕਾਇਆ ਕਿਸ਼ਤਾਂ ਵੀ ਲੰਮੇ ਸਮੇਂ ਤੋਂ ਅਦਾ ਨਹੀਂ ਕੀਤੀਆਂ ਗਈਆਂ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਤੰਜ ਕੱਸਦਿਆਂ ਕਿਹਾ ਕਿ ਜਿਹੜੇ ਮੁਲਾਜ਼ਮਾਂ ਨੇ ਕਦੇ ਮੁੱਖ ਮੰਤਰੀ ਦੇ ਸਕੱਤਰੇਤ ਪਹੁੰਚਣ ’ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ, ਅੱਜ ਉਹੀ ਮੁਲਾਜ਼ਮ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਬੇਰੁਜ਼ਗਾਰ ਈਟੀਟੀ, ਜੇਬੀਟੀ ਤੇ ਬੀ.ਐੱਡ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਮਾਮਲੇ ’ਚ ਸਰਕਾਰ ਨਾਕਾਮ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਬਾਰੇ ਟਿੱਪਣੀ ਕਰਦਿਆਂ ਡਾ. ਸ਼ਰਮਾ ਨੇ ਕਿਹਾ ਕਿ ਇਸ ਸੂਚੀ ’ਚ ਸਿਰਫ਼ ਇੱਕ ਮੰਤਰੀ ਸੰਜੀਵ ਅਰੋੜਾ ਦਾ ਨਾਂ ਸ਼ਾਮਲ ਕੀਤਾ ਗਿਆ ਹੈ, ਜਦਕਿ ਬਾਕੀ ਮੰਤਰੀਆਂ ਨੂੰ ਥਾਂ ਨਹੀਂ ਦਿੱਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਆਪਣੇ ਮੰਤਰੀਆਂ ਦੀ ਕਾਰਗੁਜ਼ਾਰੀ ’ਤੇ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਸਮਾਣਾ ਤੇ ਪਟਿਆਲਾ ਦੇ ਪਠਾਨਮਾਜਰਾ ਨਾਲ ਸਬੰਧਤ ਵਿਧਾਇਕਾਂ ਦੇ ਅਸਤੀਫ਼ਿਆਂ ਨੇ ਪਾਰਟੀ ਅੰਦਰਲੀ ਨਾਰਾਜ਼ਗੀ ਨੂੰ ਉਜਾਗਰ ਕਰ ਦਿੱਤਾ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਆਪਣੀ ਯੋਜਨਾ ਸਾਂਝੀ ਕਰਦਿਆਂ ਡਾ. ਸ਼ਰਮਾ ਨੇ ਦੱਸਿਆ ਕਿ ਕੇਂਦਰੀ ਸੱਭਿਆਚਾਰਕ ਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਹੋਈ ਮੀਟਿੰਗ ਦੌਰਾਨ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਤੇ ਨੰਗਲ ਨੂੰ ਜੋੜ ਕੇ ਵਿਸ਼ੇਸ਼ ਟੂਰਿਜ਼ਮ ਸਰਕਟ ਵਿਕਸਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨੰਗਲ ’ਚ ਵਾਟਰ ਸਪੋਰਟਸ ਤੇ ਹੋਰ ਸੈਰ-ਸਪਾਟਾ ਸਹੂਲਤਾਂ ਵਿਕਸਤ ਕੀਤੀਆਂ ਜਾਣਗੀਆਂ। ਇਸ ਨਾਲ ਇਲਾਕੇ ’ਚ ਸੈਲਾਨੀਆਂ ਦੀ ਆਮਦ ਵਧੇਗੀ ਤੇ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਮੌਕੇ ਉਹਨਾਂ ਨਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਭਾਜਪਾ ਮੰਡਲ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਰਤਨ ਧਨੇੜਾ ਤੇ ਕਰਮ ਚੰਦ ਜੱਜਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।