- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵੰਬਰ 1984 ਦੀ ਘਟਨਾ ਦੰਗੇ ਨਹੀਂ, ਸਿੱਖਾਂ ਦੀ ਯੋਜਨਾਬੱਧ ਨਸਲਕੁਸ਼ੀ ਸੀ : ਕਰਨੈਲ ਸਿੰਘ ਪੀਰਮੁਹੰਮਦ

ਤਿੰਨ ਰੋਜ਼ਾ ਗੁਰਮਤਿ ਕੈਂਪ ਦੇ ਸਮਾਪਤੀ ਸਮਾਰੋਹ ’ਚ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਇਤਿਹਾਸਕ ਤੱਥ
ਪੰਜਾਬੀ ਜਾਗਰਣ ਟੀਮ , ਸ਼੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਜੁਗਰਾਜ ਸਿੰਘ ਮਝੈਲ ਦੀ ਅਗਵਾਈ ਹੇਠ ਲਗਾਏ ਗਏ ਤਿੰਨ ਰੋਜ਼ਾ ਗੁਰਮਤਿ ਕੈਂਪ ਦੇ ਆਖਰੀ ਦਿਨ ਸ਼ਿਰਕਤ ਕੀਤੀ। ਸਮਾਪਤੀ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਦਰਦਨਾਕ ਇਤਿਹਾਸ ਅਤੇ ਇਨਸਾਫ਼ ਲਈ ਲੰਮੇ ਸੰਘਰਸ਼ ਬਾਰੇ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਨਵੰਬਰ 1984 ’ਚ ਵਾਪਰੀਆਂ ਘਟਨਾਵਾਂ ਨੂੰ ਸਿਰਫ਼ ਦੰਗੇ ਕਹਿਣਾ ਸੱਚਾਈ ਨੂੰ ਛੁਪਾਉਣ ਦੇ ਬਰਾਬਰ ਹੈ। ਇਹ ਸਿੱਖ ਕੌਮ ਵਿਰੁੱਧ ਯੋਜਨਾਬੱਧ ਨਸਲਕੁਸ਼ੀ ਸੀ। ਉਨ੍ਹਾਂ ਦੱਸਿਆ ਕਿ ਦੇਸ਼ ਦੇ 18 ਰਾਜਾਂ ਅਤੇ 110 ਤੋਂ ਵੱਧ ਸ਼ਹਿਰਾਂ ’ਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਦਿੱਲੀ, ਕਾਨਪੁਰ, ਬੋਕਾਰੋ, ਹੌਂਦ ਚਿਲੜ ਅਤੇ ਜਲਗਾਓਂ ਸਮੇਤ ਕਈ ਥਾਵਾਂ ’ਤੇ ਸਿੱਖ ਪਰਿਵਾਰਾਂ ਦਾ ਕਤਲੇਆਮ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬਾਨ ਨੂੰ ਅੱਗ ਲਗਾਈ ਗਈ।
ਪੀਰਮੁਹੰਮਦ ਨੇ ਦੱਸਿਆ ਕਿ 5 ਨਵੰਬਰ 2007 ਤੋਂ ਫੈਡਰੇਸ਼ਨ ਵੱਲੋਂ ਮਨੁੱਖੀ ਅਧਿਕਾਰ ਸੰਸਥਾਵਾਂ ਦੇ ਸਹਿਯੋਗ ਨਾਲ ਪੀੜਤ ਪਰਿਵਾਰਾਂ ਨੂੰ ਲੱਭ ਕੇ ਇਨਸਾਫ਼ ਦਿਵਾਉਣ ਲਈ ਸੰਘਰਸ਼ ਸ਼ੁਰੂ ਕੀਤਾ ਗਿਆ। ਉਨ੍ਹਾਂ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ ਅਤੇ ਹੋਰ ਪੀੜਤ ਪਰਿਵਾਰਾਂ ਦੇ ਯੋਗਦਾਨ ਦਾ ਜ਼ਿਕਰ ਕੀਤਾ ਅਤੇ ਕਾਨੂੰਨੀ ਲੜਾਈ ਲੜਨ ਵਾਲੇ ਵਕੀਲਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਸਵਾਲ ਕਰਦਿਆਂ ਕਿਹਾ ਕਿ 40 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਕਮਲਨਾਥ ਅਤੇ ਜਗਦੀਸ਼ ਟਾਈਟਲਰ ਵਰਗੇ ਮੁਲਜ਼ਮਾਂ ਵਿਰੁੱਧ ਇਨਸਾਫ਼ ਕਿਉਂ ਨਹੀਂ ਹੋਇਆ। ਉਨ੍ਹਾਂ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਇਤਿਹਾਸ ਅਤੇ ਕੌਮ ਦੇ ਹੱਕਾਂ ਲਈ ਜਾਗਰੂਕ ਰਹਿਣ ਦਾ ਸੱਦਾ ਦਿੱਤਾ।