ਸਰਕਾਰੀ ਐਲੀਮੈਂਟਰੀ ਸਕੂਲ ਅਸਮਾਨਪੁਰ ਦੇ ਵਿਦਿਆਰਥੀਆਂ ਦੀ ਪੰਜਾਬ ਪੱਧਰੀ ਮੁਕਾਬਲਿਆਂ ਲਈ ਚੋਣ ਸਰਕਾਰੀ ਐਲੀਮੈਂਟਰੀ ਸਕੂਲ ਅਸਮਾਨਪੁਰ ਦੇ ਵਿਦਿਆਰਥੀਆਂ ਦੀ ਪੰਜਾਬ ਪੱਧਰੀ ਮੁਕਾਬਲਿਆਂ ਲਈ ਚੋਣ
Publish Date: Mon, 02 Nov 2026 04:17 PM (IST)
Updated Date: Mon, 02 Nov 2026 04:20 PM (IST)
ਤਖ਼ਤਗੜ੍ਹ ਬਲਾਕ ਦੇ ਬੱਚਿਆਂ ਨੇ ਰੱਸਾਕਸ਼ੀ ’ਚ ਹਾਸਲ ਕੀਤਾ ਪਹਿਲਾ ਸਥਾਨ ਸਕੂਲ ਪਹੁੰਚਣ ’ਤੇ ਹੋਇਆ ਸਨਮਾਨ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ’ਚ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਅਸਮਾਨਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਸਦਕਾ ਉਨ੍ਹਾਂ ਦੀ ਪੰਜਾਬ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਹੋਣ ’ਤੇ ਸਕੂਲ ’ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਤਖਤਗੜ੍ਹ ਬਲਾਕ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ ਦੇ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ। ਇਸ ਟੀਮ ’ਚ ਸਰਕਾਰੀ ਐਲੀਮੈਂਟਰੀ ਸਕੂਲ ਅਸਮਾਨਪੁਰ ਦੇ ਤਿੰਨ ਵਿਦਿਆਰਥੀਆਂ ਦੀਨਾ ਕੁਮਾਰ, ਬਦਰੀ ਤੇ ਏਕਮਪ੍ਰੀਤ ਸਿੰਘ ਨੇ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਦੀਨਾ ਕੁਮਾਰ ਨੇ 400 ਮੀਟਰ ਦੌੜ ’ਚ ਪਹਿਲਾ ਸਥਾਨ ਹਾਸਲ ਕਰਕੇ ਇੱਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ, ਜਦਕਿ ਰਿਲੇਅ ਦੌੜ ’ਚ ਵੀ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਕੂਲ ਦੀ ਵਿਦਿਆਰਥਣ ਰੀਤੂ ਕੁਮਾਰੀ ਨੇ ਫੁੱਟਬਾਲ ਦੇ ਮੁਕਾਬਲੇ ’ਚ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਖੇਡ ਪ੍ਰਾਪਤੀਆਂ ਦੇ ਆਧਾਰ ’ਤੇ ਵਿਦਿਆਰਥੀਆਂ ਦੀ ਪੰਜਾਬ ਪੱਧਰੀ ਮੁਕਾਬਲਿਆਂ ਲਈ ਚੋਣ ਹੋਣੀ ਸਕੂਲ ਲਈ ਮਾਣ ਵਾਲੀ ਗੱਲ ਹੈ। ਅੱਜ ਸਕੂਲ ਪਹੁੰਚਣ ’ਤੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਸਕੂਲ ਸਟਾਫ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਮਿਹਨਤ ’ਤੇ ਲਗਨ ਨਾਲ ਖੇਡਾਂ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨੇਹਾ ਰਾਣੀ ਤੇ ਰਾਕੇਸ਼ ਕੁਮਾਰ ਸਮੇਤ ਸਕੂਲ ਦਾ ਸਟਾਫ ਹਾਜ਼ਰ ਸੀ।