ਆਪ ਸਰਕਾਰ ਨੇ ਪੰਜਾਬ ਨੂੰ ਵਿਨਾਸ਼ ਵੱਲ ਧੱਕਿਆ : ਅਰਵਿੰਦ ਮਿੱਤਲ ਆਪ ਸਰਕਾਰ ਨੇ ਪੰਜਾਬ ਨੂੰ ਵਿਕਾਸ ਨਹੀਂ ਵਿਨਾਸ਼ ਵੱਲ ਧੱਕਿਆ: ਐਡਵੋਕੇਟ ਅਰਵਿੰਦ ਮਿੱਤਲ
Publish Date: Mon, 02 Nov 2026 04:37 PM (IST)
Updated Date: Mon, 02 Nov 2026 04:38 PM (IST)
ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰ ਵਰਗ ਦੁਖੀ ਭਾਜਪਾ ਸਰਕਾਰ ਬਣਨ ’ਤੇ ਨਿਰਧਾਰਤ ਸਮੇਂ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਤੇ ਮੌਜੂਦਾ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਅਰਵਿੰਦ ਮਿੱਤਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵਿਕਾਸ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ’ਚ ਆਈ ਆਪ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੀ ਬਜਾਏ ਵਿਨਾਸ਼ ਵੱਲ ਧੱਕ ਦਿੱਤਾ ਹੈ। ਸੂਬੇ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ, ਵਿਕਾਸ ਕਾਰਜਾਂ ਦੀ ਰਫ਼ਤਾਰ ਮੱਠੀ ਪੈ ਚੁੱਕੀ ਹੈ ਤੇ ਨਸ਼ਿਆਂ ਦਾ ਵਧਦਾ ਕਾਰੋਬਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਤਬਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਅੱਜ ਪੰਜਾਬ ਦਾ ਹਰ ਵਰਗ ਦੁਖੀ ਤੇ ਨਿਰਾਸ਼ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੀਆਂ ਸਹੁੰਆਂ ਖਾਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਨਸ਼ਾ ਤਸਕਰੀ ਨੂੰ ਰੋਕਣ ’ਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਹਰ ਰੋਜ਼ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਸਰਕਾਰ ਦੇ ਦਾਅਵਿਆਂ ਦੀ ਅਸਲੀਅਤ ਬਿਆਨ ਕਰ ਰਹੀਆਂ ਹਨ। ਸਰਕਾਰ ਇਸ਼ਤਿਹਾਰਬਾਜ਼ੀ ’ਤੇ ਕਰੋੜਾਂ ਰੁਪਏ ਖ਼ਰਚ ਰਹੀ ਹੈ, ਪਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਤੇ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨ ਲਈ ਕੋਈ ਠੋਸ ਨੀਤੀ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਨਿਰਧਾਰਤ ਸਮੇਂ ਅੰਦਰ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਲਈ ਰੁਜ਼ਗਾਰ ਤੇ ਬਿਹਤਰ ਭਵਿੱਖ ਦੇ ਮੌਕੇ ਪੈਦਾ ਕੀਤੇ ਜਾਣਗੇ। ਐਡਵੋਕੇਟ ਮਿੱਤਲ ਨੇ ਪਰਵਿੰਦਰ ਸਿੰਘ ਝੋਟੇ ਦੇ ਪਾਰਥਿਕ ਸਰੀਰ ਦਾ ਹੁਣ ਤੱਕ ਅੰਤਿਮ ਸੰਸਕਾਰ ਨਾ ਹੋਣ ’ਤੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਮਾਮਲਾ ਸਰਕਾਰ ਦੀ ਸੰਵੇਦਨਹੀਣਤਾ ਤੇ ਪ੍ਰਸ਼ਾਸਨਿਕ ਨਾਕਾਮੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪਰਿਵਾਰ ਤੇ ਲੋਕਾਂ ਨੂੰ ਆਪਣੇ ਪਿਆਰੇ ਦਾ ਅੰਤਿਮ ਸੰਸਕਾਰ ਕਰਨ ਲਈ ਵੀ ਸੰਘਰਸ਼ ਕਿਉਂ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ਼ਤਿਹਾਰਾਂ ਤੇ ਖੋਖਲੇ ਵਾਅਦਿਆਂ ਦੀ ਨਹੀਂ, ਸਗੋਂ ਜਵਾਬਦੇਹ ਸਰਕਾਰ, ਪਾਰਦਰਸ਼ੀ ਪ੍ਰਸ਼ਾਸਨ ਤੇ ਜ਼ਮੀਨੀ ਪੱਧਰ ’ਤੇ ਦਿਖਾਈ ਦੇਣ ਵਾਲੇ ਵਿਕਾਸ ਦੀ ਲੋੜ ਹੈ।