ਜੋਤੀ ਜੋਤ ਦਿਵਸ ਤੇ ਗੁਰਤਾ ਗੱਦੀ ਦਿਵਸ ਮਨਾਇਆ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਗੁਰੂ ਹਰਿਰਾਇ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾ
Publish Date: Tue, 03 Nov 2026 04:26 PM (IST)
Updated Date: Tue, 03 Nov 2026 04:29 PM (IST)
ਰਾਗੀ ਜਥਿਆਂ ਨੇ ਕੀਰਤਨ ਤੇ ਢਾਡੀ ਜਥੇ ਨੇ ਗੁਰੂ ਸਾਹਿਬਾਨ ਦਾ ਇਤਿਹਾਸ ਸਰਵਣ ਕਰਵਾਇਆ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਤੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ’ਚ ਗੁਰਦੁਆਰਾ ਸ੍ਰੀ ਪਾਤਾਲਪੁਰੀ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪ੍ਰਦੀਪ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਉਪਰੰਤ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਭਾਈ ਹਰਨਰਾਇਣ ਸਿੰਘ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਗੁਰੂ ਸਾਹਿਬਾਨ ਦੇ ਜੀਵਨ ਅਤੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਰਬਜੀਤ ਸਿੰਘ ਖਡੂਰ ਸਾਹਿਬ ਇੰਚਾਰਜ ਧਰਮ ਪ੍ਰਚਾਰ ਕਮੇਟੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗਿਆਨੀ ਭਜਨ ਸਿੰਘ ਵੱਲੋਂ ਵੀ ਗੁਰੂ ਸਾਹਿਬਾਨ ਦੇ ਜੀਵਨ, ਸਿੱਖਿਆਵਾਂ ਅਤੇ ਇਤਿਹਾਸ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਸੇਵਾ, ਸਿਮਰਨ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਲਈ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਸਨ। ਇਸ ਮੌਕੇ ਦਲਜੀਤ ਸਿੰਘ ਭਿੰਡਰ ਐਸਜੀਪੀਸੀ ਹਿਮਾਚਲ ਪ੍ਰਦੇਸ਼,ਮੈਨੇਜਰ ਅਮਰਜੀਤ ਸਿੰਘ ਬਾੜੀਆ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਪ੍ਰਭਜੋਤ ਸਿੰਘ ਗਾਈਡ, ਭਾਈ ਜਰਨੈਲ ਸਿੰਘ ਗ੍ਰੰਥੀ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਗੁਰਮੁਖ ਸਿੰਘ ਰਿਕਾਰਡ ਕੀਪਰ, ਭਾਈ ਭੁਪਿੰਦਰ ਸਿੰਘ ਇੰਚਾਰਜ ਰਾਗੀ, ਗਿਆਨੀ ਬਖਸ਼ੀਸ਼ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਪਤਾਲਪੁਰੀ ਸਾਹਿਬ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਕਮਲਜੀਤ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ, ਸੁਖਦੇਵ ਸਿੰਘ ਅਤੇ ਬੀਬੀ ਪਰਮਜੀਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਕੀਰਤਪੁਰ ਸਾਹਿਬ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।